ਪਾਵਰਕਾਮ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ
ਪਾਵਰਕਾਮ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ
Publish Date: Fri, 10 Apr 2026 05:18 PM (IST)
Updated Date: Fri, 10 Apr 2026 05:20 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਦੇ ਅੜੀਅਲ ਵਤੀਰੇ ਵਿਰੁੱਧ ਮੰਡਲ ਦਫ਼ਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਗਿਆ। ਇਹ ਰੋਸ ਪ੍ਰਦਰਸ਼ਨ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਚਰਚਾ ਕੀਤੀ।ਆਗੂਆਂ ਨੇ ਮੰਗ ਕੀਤੀ ਕਿ 31 ਦਸੰਬਰ 2015 ਤੋਂ ਪਹਿਲਾਂ ਰਿਟਾਇਰ ਹੋਏ ਮੁਲਾਜ਼ਮਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧੀ ਜਾਵੇ, ਸੋਧੀ ਹੋਈ ਪੈਨਸ਼ਨ ਦਾ ਬਕਾਇਆ ਕਿਸ਼ਤਾਂ ਦੀ ਬਜਾਏ ਇੱਕਮੁਸ਼ਤ ਦਿੱਤਾ ਜਾਵੇ, ਕੇਂਦਰ ਦੀ ਤਰਜ਼ ਤੇ 16% ਡੀਏ ਰਿਲੀਜ਼ ਕੀਤਾ ਜਾਵੇ ਅਤੇ ਪਿਛਲਾ ਬਕਾਇਆ ਤੁਰੰਤ ਦਿੱਤਾ ਜਾਵੇ, ਦੂਜੇ ਰਾਜਾਂ ਦੀ ਤਰਜ਼ ਤੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿੱਚ ਰਿਆਇਤ ਮਿਲੇ, 200 ਰੁਪਏ ਜਜ਼ੀਆ ਟੈਕਸ ਬੰਦ ਕਰਨ, ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕਰਨ ਅਤੇ ਮੈਡੀਕਲ ਭੱਤਾ 2000 ਰੁਪਏ ਮਹੀਨਾ ਕੀਤਾ ਜਾਵੇ। ਸਰਕਲ ਆਗੂ ਸਿਵਦੀਪ ਸਿੰਘ ਬਰਾੜ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਪ੍ਰਤੀ ਵਰਤੀ ਗਈ ਭਾਸ਼ਾ ਦੀ ਵੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਸਟੇਟ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ, 18 ਅਪ੍ਰੈਲ 2026 ਨੂੰ ਲੁਧਿਆਣਾ ਵਿਖੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਸਾਫ਼ ਸ਼ਬਦਾਂ ’ਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦਾ ਖਮਿਆਜ਼ਾ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਧਰਨੇ ਦੀ ਸ਼ੁਰੂਆਤ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਸਟੇਜ ਦੀ ਕਾਰਵਾਈ ਸਕੱਤਰ ਅਮਰਜੀਤ ਪਾਲ ਨੇ ਚਲਾਈ ਅਤੇ ਹਰਦਰਸ਼ਨ ਸਿੰਘ ਨੈਬੀ ਨੇ ਇਨਕਲਾਬੀ ਗੀਤਾਂ ਰਾਹੀਂ ਸਾਥੀਆਂ ’ਚ ਜੋਸ਼ ਭਰਿਆ। ਇਸ ਮੌਕੇ ਬੂਟਾ ਸਿੰਘ ਹਰਾਜ, ਜਰਨੈਲ ਸਿੰਘ, ਭਜਨ ਸਿੰਘ, ਮੇਜਰ ਸਿੰਘ, ਵਿਜੈ ਸੋਈ ਅਤੇ ਹੋਰ ਕਈ ਆਗੂ ਹਾਜ਼ਰ ਸਨ।