ਪਾਵਰਕਾਮ ਦੇ ਆਊਟਸੋਰਸਡ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਪਰਿਵਾਰਾਂ ਸਮੇਤ ਡਟੇ
ਪਾਵਰਕਾਮ ਦੇ ਆਊਟਸੋਰਸਡ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਪਰਿਵਾਰਾਂ ਸਮੇਤ ਡਟੇ
Publish Date: Thu, 11 Jun 2026 03:56 PM (IST)
Updated Date: Fri, 12 Jun 2026 04:03 AM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ‘ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ)’ ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ (ਸ਼ਾਮਲ) ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਵਿੱਢਿਆ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਬੀਤੀ 9 ਜੂਨ ਤੋਂ ਸ਼ੁਰੂ ਹੋਇਆ ਇਹ ਧਰਨਾ ਅੱਜ ਤੀਜੇ ਦਿਨ ਵੀ ਪੂਰੇ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਿਹਾ, ਜਿਸ ਵਿੱਚ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਸਰਕਲ ਪ੍ਰਧਾਨ ਵਰਿੰਦਰ ਸਿੰਘ ਅਤੇ ਸਟੋਰ ਤੋਂ ਮੀਤ ਪ੍ਰਧਾਨ ਅਮਰ ਸਿੰਘ ਨੇ ਦੱਸਿਆ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਵੱਖ-ਵੱਖ ਪੋਸਟਾਂ ’ਤੇ ਦਿਨ-ਰਾਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ 24 ਮਈ ਨੂੰ ਖੰਨਾ ਵਿਖੇ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਵਿਚਕਾਰ ਇੱਕ ਅਹਿਮ ਪੈਨਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਹੋਇਆ ਸੀ ਕਿ ਚੋਣ ਜਾਬਤਾ ਖ਼ਤਮ ਹੁੰਦੇ ਹੀ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ 15 ਜੂਨ ਤੱਕ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਆਗੂਆਂ ਨੇ ਦੋਸ਼ ਲਾਇਆ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਅਤੇ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਮੈਨੇਜਮੈਂਟ ਨੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ 15 ਜੂਨ ਤੱਕ ਨਿਯੁਕਤੀ ਪੱਤਰ ਜਾਰੀ ਨਾ ਕੀਤੇ, ਤਾਂ ਇਸ ਤਿੱਖੇ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਅੱਜ ਦੇ ਇਸ ਧਰਨੇ ’ਚ ਸਾਰੇ ਆਊਟਸੋਰਸਡ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।