ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ
Publish Date: Wed, 19 Aug 2026 05:13 PM (IST)
Updated Date: Wed, 19 Aug 2026 05:15 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ ਦਾ ਵਾਅਦਾ ਕਰਕੇ ਆਗੂਆਂ ਦੇ ਅਦਾਲਤੀ ਵਰੰਟ ਜ਼ਾਰੀ ਕਰਾਉਣ ਖਿਲਾਫ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਅਗਸਤ ਨੂੰ ਮੰਤਰੀ ਦੀ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਲਾਏ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਚ ਜ਼ਿਲੇ ਭਰ ਚੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਸ਼ਾਮਲ ਹੋਣਗੇ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਬਾਜ਼ ਸਿੰਘ ਭੁੱਟੀਵਾਲਾ ਤੇ ਕਾਕਾ ਸਿੰਘ ਖੁੰਡੇ ਹਲਾਲ ਨੇ ਜ਼ਾਰੀ ਬਿਆਨ ਰਾਹੀਂ ਦੱਸਿਆ ਕਿ ਧਰਨੇ ਸਬੰਧੀ ਪਿੰਡ ਖੁੰਡੇ ਹਲਾਲ, ਭਾਗਸਰ, ਚੌਂਤਰਾ, ਲੱਖੇਵਾਲੀ, ਭੁੱਟੀਵਾਲਾ, ਖੂਨਣ ਖੁਰਦ ਤੇ ਭਲਾਈਆਣਾ ਸਮੇਤ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ’ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਮਜ਼ਦੂਰ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਗੁਲਾਬੀ ਸੁੰਡੀ ਦੇ ਖਰਾਬੇ ਦੇ ਮੁਆਵਜ਼ੇ ਲਈ ਸੰਘਰਸ਼ ਦੌਰਾਨ 28 ਮਾਰਚ 2022 ਨੂੰ ਸਬ-ਤਹਿਸੀਲ ਲੰਬੀ ਵਿਖੇ ਪ੍ਰਦਰਸ਼ਨ ਦੌਰਾਨ ਪੁਲਿਸ ਲਾਠੀਚਾਰਜ ਉਪਰੰਤ 5 ਅਪ੍ਰੈਲ 2022 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀ ਮੰਤਰੀ ਵੱਲੋਂ ਜਥੇਬੰਦੀਆਂ ਦੀ ਸੂਬਾਈ ਲੀਡਰਸ਼ਿਪ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਸੰਘਰਸ਼ਾਂ ਦੌਰਾਨ ਦਰਜ ਮੁਕੱਦਮੇ ਵਾਪਸ ਲੈਣ ਅਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਉਹਨਾਂ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਵੱਲੋਂ ਜਥੇਬੰਦੀਆਂ ਨੂੰ ਸੱਟ ਮਾਰਨ ਦੇ ਖੋਟੇ ਮਨਸੂਬਿਆਂ ਤਹਿਤ ਕੇਸ ਵਾਪਸ ਕਰਾਉਣ ਦੀ ਬਜਾਏ ਆਗੂਆਂ ਦੇ ਅਦਾਲਤੀ ਵਰੰਟ ਜ਼ਾਰੀ ਕਰਵਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕਈ ਹੱਕਦਾਰਾਂ ਨੂੰ ਸਿਆਸੀ ਰੰਜ਼ਿਸ਼ ਤਹਿਤ ਅਜੇ ਤੱਕ ਵੀ ਨਰਮੇ ਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਦਰਜ ਮੁਕੱਦਮਿਆਂ ਸਬੰਧੀ ਕਿਸਾਨ-ਮਜ਼ਦੂਰ ਆਗੂਆਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਕੇਸਾਂ ਦੀ ਵਾਪਸੀ, ਫਸਲਾਂ ਤੇ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ, ਮਜ਼ਦੂਰ-ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਕੱਟੇ ਪਲਾਟਾ ਦੇ ਕਬਜ਼ੇ ਦੇਣ, ਮਨਰੇਗਾ ਦਾ ਕੰਮ ਚਲਾਉਣ, ਘਰਾਂ ਵਿੱਚੋਂ ਪੁੱਟੇ ਮੀਟਰ ਬਿਨਾਂ ਸ਼ਰਤ ਮੁੜ ਲਾਉਣ, ਲਿਫਟ ਪੰਪਾਂ ਦੇ ਨਾਜਾਇਜ਼ ਜੁਰਮਾਨੇ ਖ਼ਤਮ ਕਰਨ ਅਤੇ ਆਈਟੀਆਈ ਬਾਦਲ ਮੁੜ ਚਾਲੂ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਗਾਂ ਦੀ ਪੂਰਤੀ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।