6 ਜਨਵਰੀ ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ
06 ਜਨਵਰੀ ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Sat, 03 Jan 2026 04:25 PM (IST)
Updated Date: Sat, 03 Jan 2026 04:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 6 ਜਨਵਰੀ ਨੂੰ ਮਜ਼ਦੂਰ ਮੋਰਚੇ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਚੱਕ ਹਾਕਮ ਸਿੰਘ ਵਾਲਾ (ਬਰਕੰਦੀ) ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ ‘ਵੀਬੀਜੀ ਰਾਮ ਜੀ’ ਲਿਆਉਣ ਰਾਹੀਂ ਕੇਂਦਰੀ ਬਜਟ ’ਚੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾਕੇ 60 ਫੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹਕੇ ਮਜ਼ਦੂਰਾਂ ਦੇ ਚੁਲਿਆਂ ਨੂੰ ਠੰਡਾ ਕਰਨ ਦੀ ਨੀਤੀ ਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਵਾਉਣ ਅਤੇ ਮਨਰੇਗਾ ਕਾਨੂੰਨ ’ਚ ਮਜ਼ਦੂਰ ਪੱਖੀ ਸੋਧਾ ਕਰਵਾਕੇ ਲਾਗੂ ਕਰਨ ਤੱਕ ਸੰਘਰਸ਼ ਕੀਤਾ ਜਾਵੇਗਾ। ਮੀਟਿੰਗ ’ਚ ਸਰਪੰਚ ਲਖਵੀਰ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਛਿੰਦਰ ਸਿੰਘ, ਪ੍ਰਭਜੋਤ ਸਿੰਘ, ਨਛੱਤਰ ਸਿੰਘ, ਸੁਖਰਾਜ ਸਿੰਘ, ਜਸਵੀਰ ਸਿੰਘ ਆਦਿ ਆਗੂ ਸ਼ਾਮਿਲ ਸਨ।