
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕ ਹਿੱਤ ਨੂੰ ਮੁੱਖ ਰੱਖਦਿਆਂ ਪੈਂਡਿੰਗ ਕੰਮਾਂ ਨੂੰ ਦਿੱਤੀ ਜਾਵੇ ਤਰਜੀਹ: ਡਿਪਟੀ ਕਮਿਸ਼ਨਰ

ਪੰਜਾਬੀ ਜਾਗਰਣ, ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕਰਕੇ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਮੁੱਚਾ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਬੰਧਤ ਸ਼ਹਿਰਾਂ ਵਿੱਚ ਆਵਾਰਾ ਘੁੰਮਦੇ ਹੋਏ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇ ਜਿਸ ਤਹਿਤ ਹਰ ਹਫ਼ਤੇ ਕਿੰਨੇ ਆਵਾਰਾ ਪਸ਼ੂਆਂ ਨੂੰ ਸਬੰਧਤ ਗਊਸ਼ਾਲਾ ਵਿਖੇ ਪਹੁੰਚਾਇਆ ਜਾ ਰਿਹਾ ਹੈ, ਇਸ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿੱਥੇ-ਜਿੱਥੇ ਸੀ.ਸੀ.ਟੀ.ਵੀ. ਕੈਮੇਰ ਲੋੜੀਂਦੇ ਹਨ, ਉਸ ਸਬੰਧੀ ਥਾਵਾਂ ਦੀ ਸ਼ਨਾਖਤ ਕਰਕੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਜਲਦੀ ਤੋਂ ਜਲਦੀ ਸ਼ਰਾਰਤੀ ਅਨਸਰਾਂ ਦੀ ਨਿਗਰਾਨੀ ਲਈ ਕੈਮਰੇ ਲਗਾਏ ਜਾ ਸਕਣ। ਉਨ੍ਹਾਂ ਪੀ.ਐਸ.ਪੀ.ਸੀ.ਐੱਲ. ਵਿਭਾਗ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਜੋ ਤਾਰਾਂ ਢਿੱਲੀਆਂ ਹਨ, ਉਨ੍ਹਾਂ ਨੂੰ ਕਸਿਆ ਜਾਵੇ ਅਤੇ ਜੋ ਤਾਰਾਂ ਲੋੜੀਂਦੀਆਂ ਨਹੀਂ ਹਨ ਅਤੇ ਬੇਵਜ੍ਹਾ ਤੋਂ ਹੀ ਲਟਕ ਰਹੀਆਂ ਹਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵਪਾਰੀ ਵਰਗ ਅਤੇ ਸ਼ਹਿਰ ਵਾਸੀਆਂ ਦੀ ਮੁੱਖ ਮੰਗ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਪੁਲ ਦੇ ਥੱਲੇ ਬਣੇ ਫਾਟਕ ਦੇ ਰਸਤੇ ਨੂੰ ਚਲਾਉਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਸਤੇ ਨੂੰ ਖੋਲ੍ਹਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ਼ ਦੀ ਸਫ਼ਾਈ, ਪਖਾਨਿਆਂ ਦੀ ਸਹੂਲਤ, ਸਟਰੀਟ ਲਾਈਟਾਂ, ਪਿੰਡਾਂ ਵਿੱਚ ਬਣੇ ਬੱਸ ਸਟੈਂਡ ਦੇ ਸ਼ੈੱਡ, ਪੱਖਿਆ ਦਾ ਪ੍ਰਬੰਧ, ਸੜਕਾਂ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਆਦਿ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਪਾਰੀਆਂ ਨਾਲ ਸਬੰਧਤ ਜਿੰਨੀਆਂ ਵੀ ਪੈਂਡਿੰਗ ਸ਼ਿਕਾਇਤਾਂ ਹਨ, ਉਨ੍ਹਾਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਅਹਿਮ ਜ਼ਿੰਮੇਵਾਰੀ ਸਮਝਦਿਆਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਪੈਂਡਿੰਗ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਵਪਾਰੀਆਂ ਅਤੇ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ੍ਰੀ ਵਨੀਤ ਜਿੰਦਲ ਮੌਂਟੀ ਨੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੰਦਿਆਂ ਕਿਹਾ ਕਿ ਉਹਨਾਂ ਦੀ ਸਮੱਸਿਆਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਡੀਐਸਪੀ ਬਚਨ ਸਿੰਘ, ਡੀਐਸਪੀ ਲੰਬੀ ਹਰਬੰਸ ਸਿੰਘ, ਡੀਐਸਪੀ ਗਿੱਦੜਬਾਹਾ ਜਤਿੰਦਰ ਸਿੰਘ, ਡੀਐਸਪੀ ਰਸ਼ਪਾਲ ਸਿੰਘ, ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਮਲੋਟ ਹਰਪ੍ਰੀਤ ਕੌਰ, ਡਿਪਟੀ ਏਐਸਏ ਰੁਪਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਰੁਨ ਸਹੋਤਾ, ਕਾਰਜ ਸਾਧਕ ਅਫ਼ਸਰ ਮਲੋਟ ਮੰਗਤ ਕੁਮਾਰ, ਕਾਰਜ ਸਾਧਕ ਅਫ਼ਸਰ, ਗਿੱਦੜਬਾਹਾ ਐਸਡੀ ਵਰਮਾ, ਬੀਡੀਪੀਓ ਗਿੱਦੜਬਾਹਾ ਮਨਜੋਤ ਸਿੰਘ, ਐਸਡੀਓ ਪੁਸ਼ਪਿੰਦਰ ਸਿੰਘ, ਚੇਅਰਮੈਨ ਟਰੇਡਰਜ਼ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਕੁਲਵਿੰਦਰ ਸਿੰਘ ਕਾਂਡਾ, ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਹਾਜ਼ਰ ਸਨ।