ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ : ਡੀਸੀ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ : ਡੀਸੀ
Publish Date: Wed, 22 Jul 2026 07:08 PM (IST)
Updated Date: Wed, 22 Jul 2026 07:10 PM (IST)
- ਬਿਨੈਕਾਰ ਫਾਰਮ ਵਿਭਾਗੀ ਵੈੱਬਸਾਈਟ http://foodsuppb.gov.in ਤੋਂ ਡਾਊਨਲੋਡ ਕਰ ਸਕਦੇ ਹਨ, https://ercms.punjab.gov.in ਪੋਰਟਲ ਰਾਹੀਂ ਆਨਲਾਈਨ ਵੀ ਜਮ੍ਹਾਂ ਕਰਵਾ ਸਕਦੇ ਹਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵੱਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਲ ਕਰਨ ਲਈ ਫਾਰਮ -ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ’ਚ ਵਿਭਾਗੀ ਵੈਬਸਾਇਟ - http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀਐੱਸਸੀ) ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀਐੱਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ 100/-ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ - ਸਮੇਤ ਦਸਤਾਵੇਜ਼ ਅਤੇ 100/- ਰੁਪਏ ਪ੍ਰਤੀ ਫਾਰਮ ਫੀਸ - ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ। ਫਾਰਮ ਸਫਲਤਾਪੂਰਵਕ ਆਨਲਾਇਨ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ ਉਸਦੇ ਮੋਬਾਇਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜੀਆਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ/ਸੀ.ਐੱਸ.ਸੀ. ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਬਿਨੈਕਾਰ ਦਫਤਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਨਜ਼ਦੀਕੀ ਸੇਵਾ ਕੇਂਦਰ/ਸੀਐੱਸਸੀ ਨਾਲ ਸੰਪਰਕ ਕਰ ਸਕਦੇ ਹਨ।