ਸੰਯੁਕਤ ਕਿਸਾਨ ਮੋਰਚਾ ਵੱਲੋਂ ਜਿਲ੍ਹਾ ਹੈਡਕੁਆਰਟਰ ’ਤੇ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਹੈਡਕੁਆਰਟਰ ’ਤੇ ਰੋਸ ਪ੍ਰਦਰਸ਼ਨ
Publish Date: Thu, 15 Oct 2026 06:42 PM (IST)
Updated Date: Fri, 16 Oct 2026 04:04 AM (IST)
ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਤੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਦੇ ਅਸਤੀਫੇ ਦੀ ਮੰਗ ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਕਾਤਲਾਂ ਨੂੰ ਸਖਤ ਸਜ਼ਾਵਾਂ ਦਿਵਾਉਣ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ, ਡੀਜੀਪੀ ਪੰਜਾਬ ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪੂਰਾ ਪੰਜਾਬ ਪੂਰਨ ਤੌਰ ਤੇ ਬੰਦ ਕੀਤਾ ਗਿਆ। ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹੈਡ ਕੁਆਰਟਰ ’ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀਕੇਯੂ ਕਾਦੀਆਂ ਦੇ ਕਾਰਜਕਾਰੀ ਜਿਲ੍ਹਾ ਪ੍ਰਧਾਨ ਸ਼ਿਵਰਾਜ ਸਿੰਘ ਭੰਗਚੜੀ, ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਲੱਖੋਵਾਲ (ਟਿਕੈਤ) ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ ਹਰੀਕੇ ਕਲਾਂ, ਕੌਮੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਵੜਿੰਗ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਢਿਲਵਾਂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਗਿਆਨ ਸਿੰਘ ਭੁੱਟੀਵਾਲਾ, ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਨਿਰਮਲ ਸਿੰਘ ਜੱਸੇਆਣਾ, ਮਾਲਵਾ ਤਰਨਾ ਦਲ ਦੇ ਮੁਖੀ ਨਿਹੰਗ ਬੀਬੀ ਸੁਖਦੀਪ ਕੌਰ ਥਾਂਦੇਵਾਲਾ, ਬੀਕੇਯੂ (ਫਤਿਹ) ਦੇ ਜਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੀਰਵਾਲੀ, ਡੀਟੀਐਫ ਦੇ ਸੂਬਾਈ ਆਗੂ ਮਾਸਟਰ ਪਰਮਾਤਮਾ ਸਿੰਘ, ਪੰਜਾਬ ਬਚਾਓ ਮੋਰਚਾ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਥਾਂਦੇਵਾਲਾ ਨੇ ਧਰਨੇ ਦੌਰਾਨ ਬੋਲਦਿਆਂ ਕਿਹਾ ਕਿ ਮਾਨਸਾ ’ਚ ਨਸ਼ਿਆਂ ਖਿਲਾਫ ਲਗਾਤਾਰ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਤੇ ਪੰਜਾਬ ’ਚ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਦੀ ਹਾਲਤ ’ਤੇ ਗੰਭੀਰ ਸਵਾਲ ਖੜੇ ਕਰਦੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨਸ਼ਿਆਂ ਦੇ ਵਪਾਰ ਨੂੰ ਰੋਕਣ ’ਚ ਨਾਕਾਮ ਰਹਿਣ ਦੀ ਬਜਾਏ ਅਜਿਹੇ ਹਾਲਾਤਾਂ ਨੂੰ ਵਧਣ ਫੁੱਲਣ ਦੇ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾ ਹੇਠ ਚਲਾਇਆ ਜਾ ਰਿਹਾ ਪ੍ਰੋਗਰਾਮ ਅਸਲ ’ਚ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੇ ਵਿਰੁੱਧ ਵਧੇਰੇ ਨਜ਼ਰ ਆ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਦੀ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਨਸ਼ੇ ਸ਼ਰੇਆਮ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ। ਇਸ ਮੌਕੇ ਸਟੇਜ ਦੀ ਕਾਰਵਾਈ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਚਲਾਈ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਐਕਸ਼ਨ ਕਮੇਟੀ ਮਾਨਸਾ ਦਾ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਗਲਾ ਸੱਦਾ ਜਦੋਂ ਵੀ ਆਵੇਗਾ ਉਸੇ ਰੂਪ ’ਚ ਜਿਲ੍ਹਾ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਫੂਲੇਵਾਲਾ, ਨਿਰਮਲ ਸਿੰਘ ਸੰਗੂਧੌਣ, ਹਰਪ੍ਰੀਤ ਸਿੰਘ ਗੋਨੇਆਣਾ, ਬਾਬਾ ਰਾਜੂ ਸਿੰਘ ਵੜਿੰਗ, ਬਲਦੇਵ ਸਿੰਘ ਹਰੀਕੇ ਕਲਾਂ, ਜਸਵੰਤ ਸਿੰਘ ਡੋਡਾਂਵਾਲੀ, ਅਵਤਾਰ ਸਿੰਘ ਵੱਟੂ, ਫੌਜੀ ਬਲਜੀਤ ਸਿੰਘ ਝਬੇਲਵਾਲੀ, ਭਿੰਦਰ ਸਿੰਘ ਥਾਂਦੇਵਾਲਾ, ਗੱਗਾ ਸਿੰਘ ਥਾਂਦੇਵਾਲਾ, ਨਿੱਕਾ ਸਿੰਘ ਮੜਮੱਲੂ, ਸਰਪੰਚ ਜੱਗਾ ਸਿੰਘ ਸੰਗਰਾਣਾ, ਗੁਰਸ਼ਵਿੰਦਰ ਸਿੰਘ ਕੰਗ, ਨਿਹੰਗ ਸਿੰਘ ਫੌਜਾਂ ਮੇਜਰ ਸਿੰਘ, ਸੰਦੀਪ ਸਿੰਘ ਗੋਲੂ ਆਦਿ ਸੰਗਤਾਂ ਹਾਜ਼ਰ ਸਨ। ਤਸਵੀਰ : 15ਐਮਕੇਟੀ25 ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਜਸਵਿੰਦਰ ਸਿੰਘ ਝਬੇਲਵਾਲੀ।