ਐਮਐਲਏ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਧਰਨਾ ਅੱਜ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਭਾਰਤ ਅਮਰੀਕਾ ਟਰੇਡ ਸਮਝੌਤੇ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਐਮਐਲਏ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਵਜੋਂ ਅੱਜ ਪਿੰਡ ਤਖਤ ਮਲਾਨਾ ਅਤੇ ਥਾਂਦੇਵਾਲਾ ਵਿਖੇ ਤਿਆਰੀ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਖੇਤੀ ਖੇਤਰ ਨੂੰ ਸਾਮਰਾਜੀ ਦੇਸ਼ ਅਮਰੀਕਾ ਲਈ ਖੋਲ ਕੇ ਬਾਹਰੋਂ ਸਸਤੇ ਖੇਤੀ ਉਤਪਾਦ ਲਿਆ ਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੌਤ ਦੇ ਵਰੰਟਾਂ ’ਤੇ ਦਸਤਖਤ ਕਰ ਦਿੱਤੇ ਹਨ। ਪਹਿਲਾਂ ਹੀ ਕਰਜੇ ਹੇਠ ਦੱਬੀ ਹੋਈ ਕਿਸਾਨੀ ਆਰਥਿਕ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਆਗੂਆਂ ਨੇ ਕਿਹਾ ਕਿ ਬੀਜ ਬਿੱਲ ਵੀ ਖੇਤੀ ਖੇਤਰ ਕਾਰਪੋਰੇਟ ਦੇ ਹਵਾਲੇ ਕਰਨ ਦੇ ਮਨਸੂਬੇ ਤਹਿਤ ਹੀ ਲਿਆਂਦਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਵੱਡੀ ਕਿਸਾਨੀ ਜਿਸ ਕੋਲ ਹਜ਼ਾਰਾਂ ਏਕੜਾਂ ਫਾਰਮ ਨੇ ਉਸਦੇ ਮੁਕਾਬਲੇ ਸਾਡੇ ਛੋਟੇ ਦਰਮਿਆਨੇ ਕਿਸਾਨ ਜਿਨਾਂ ਨੂੰ ਔਸਤਨ ਤਿੰਨ ਕਿਲੇ ਜਮੀਨ ਆਉਂਦੀ ਹੈ ਮੁਕਾਬਲਾ ਨਹੀਂ ਕਰ ਸਕਦੇ। ਦੂਸਰੇ ਪਾਸੇ ਅਮਰੀਕੀ ਕਿਸਾਨਾਂ ਨੂੰ ਕਰੋੜਾਂ ਰੁਪਏ ਸਬਸਿਡੀਆਂ ਮਿਲਦੀਆਂ ਹਨ ਜਦਕਿ ਭਾਰਤ ਦੇ ਕਿਸਾਨਾਂ ਨੂੰ ਬਹੁਤ ਘੱਟ ਰੁਪਏ ਸਬਸਿਡੀ ਮਿਲਦੀ ਹੈ। ਆਗੂਆਂ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਤੋਂ ਕਿਹਾ ਸੀ ਕਿ ਕਿਸਾਨਾਂ ਖਿਲਾਫ ਕੋਈ ਫੈਸਲਾ ਨਹੀਂ ਕੀਤਾ ਜਾਵੇਗਾ ਜਦ ਕਿ 19 ਅਗਸਤ ਨੂੰ ਕਪਾਹ ਨੂੰ ਟੈਰਪ ਫਰੀ ਕਰ ਦਿੱਤਾ। ਜਿਸ ਨਾਲ ਭਾਰਤੀ ਕਿਸਾਨਾਂ ਦੀ ਕਪਾਹ ਅਗਲੇ ਦਿਨ ਹੀ 1100 ਰੁਪਏ ਹੇਠਾਂ ਚਲੀ ਗਈ ਅਤੇ 95% ਕਪਾਹ ਦਾ ਆਜ਼ਾਤ ਵਧਿਆ ਜਿਸ ਕਰਕੇ ਭਾਰਤ ਦੇ ਲੱਖਾਂ ਕਪਾਹ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਉਜਾੜਾ ਤੈ ਹੋ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੇਬ ਅਤੇ ਡਰਾਈ ਫਰੂਟ ਨੂੰ ਵੀ ਟੈਰਿਫ ਵਿੱਚ ਵੱਡੀਆਂ ਰਿਆਇਤਾਂ ਦਿੱਤੀਆਂ ਹਨ ਅਤੇ ਹੁਣ ਸਮੁੱਚੇ ਖੇਤੀ ਖੇਤਰ ਨੂੰ ਸਾਮਰਾਜੀਆਂ ਲਈ ਖੋਲ ਕੇ ਸਰਕਾਰ ਨੇ ਮੁਲਕ ਦੇ ਕਰੋੜਾਂ ਕਿਸਾਨਾਂ ਦੀ ਮੌਤ ਦੇ ਵਰੰਟ ਤੇ ਦਸਤਖਤ ਕਰ ਦਿੱਤੇ ਹਨ। ਕਿਸਾਨ ਆਗੂ ਭੁਪਿੰਦਰ ਸਿੰਘ ਥਾਂਦੇਵਾਲਾ, ਜਗਸੀਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਕਿਸਾਨ ਅੰਦੋਲਨ ਲੜ ਕੇ ਖੇਤੀ ਕਾਨੂੰਨ ਰੱਦ ਕਰਾਏ ਸੀ ਉਸੇ ਤਰ੍ਹਾਂ ਕਿਸਾਨਾਂ ਨੂੰ ਅਮਰੀਕੀ ਸਾਮਰਾਜ ਅਤੇ ਭਾਰਤੀ ਹਾਕਮਾਂ ਦੇ ਖਿਲਾਫ ਵੱਡੀ ਲਾਮਬੰਦੀ ਕਰਕੇ ਸੰਘਰਸ਼ ਦੇ ਮੈਦਾਨ ’ਚ ਉਤਰਨਾ ਪਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਬਿਜਲੀ ਤੇ ਬੀਜ ਬਿੱਲ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਆਪ ਸਰਕਾਰ ਦੇ ਐਮਐਲਏ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ’ਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ, ਅਰਮਾਨਦੀਪ ਸਿੰਘ, ਜਗਦੇਵ ਸਿੰਘ ਥਾਂਦੇਵਾਲਾ, ਬਲਜੀਤ ਸਿੰਘ ਫੌਜੀ ਝਬੇਲਵਾਲੀ, ਗੁਰਮੀਤ ਸਿੰਘ ਭਲਵਾਨ ਆਦਿ ਕਿਸਾਨ ਹਾਜ਼ਰ ਸਨ।