ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਰੋਸ ਮਾਰਚ ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਰੋਸ ਮਾਰਚ
Publish Date: Thu, 15 Oct 2026 06:41 PM (IST)
Updated Date: Fri, 16 Oct 2026 04:04 AM (IST)
ਵੱਖ-ਵੱਖ ਜਥੇਬੰਦੀਆਂ ਨੇ ਕਾਤਲਾਂ ਦੀ ਗ੍ਰਿਫ਼ਤਾਰੀ ਤੇ ਸਰਪ੍ਰਸਤਾਂ ਨੂੰ ਬੇਨਕਾਬ ਕਰਨ ਦੀ ਕੀਤੀ ਮੰਗ ਪੰਜਾਬੀ ਜਾਗਰਣ ਰਿਪੋਰਟਰ. ਸ੍ਰੀ ਮੁਕਤਸਰ ਸਾਹਿਬ : ਪੰਜਾਬ ਬੰਦ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚਿਆ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਮੁਕਤਸਰ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ ਤੇ ਰਾਜਾ ਸਿੰਘ ਖੂੰਨਣ ਖੁਰਦ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਅੰਦਰ ਨਸ਼ਾ ਤਸਕਰਾਂ ਦੇ ਵਧ ਰਹੇ ਦਬਦਬੇ ਨੂੰ ਦਰਸਾਉਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਲਈ ਸਿਆਸੀ ਆਗੂਆਂ, ਨਸ਼ਾ ਤਸਕਰਾਂ ਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਤੇ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਹੀ ਹਕੂਮਤੀ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਨੂੰ ਵੀ ਬੇਨਕਾਬ ਕੀਤਾ ਜਾਵੇ ਤਾਂ ਜੋ ਪੀੜਤ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਰੂ ਹਮਲੇ ਨੂੰ ਸਿਰਫ਼ ਵਿਅਕਤੀਗਤ ਵਿਰੋਧ ਨਾਲ ਨਹੀਂ ਰੋਕਿਆ ਜਾ ਸਕਦਾ, ਸਗੋਂ ਇਸ ਵਿਰੁੱਧ ਕਿਸਾਨਾਂ, ਮਜ਼ਦੂਰਾਂ, ਕਿਰਤੀ ਵਰਗਾਂ ਤੇ ਸਮੂਹ ਇਨਸਾਫ਼ਪਸੰਦ ਲੋਕਾਂ ਦੀ ਵਿਸ਼ਾਲ ਜਨਤਕ ਲਾਮਬੰਦੀ ਵਾਲੇ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਮੁਕਤਸਰ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂ ਵਾਲੀ, ਹਰਚਰਨ ਸਿੰਘ ਲੱਖੇਵਾਲੀ, ਗਿੱਦੜਬਾਹਾ ਬਲਾਕ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ ਸਰੀਂਹ, ਜਗਸੀਰ ਸਿੰਘ ਘਾਲੀ ਖਾਲਸਾ, ਮੱਘਰ ਸਿੰਘ, ਬੋਹੜ ਸਿੰਘ ਕੋਟਲੀ, ਜਗਰਾਜ ਸਿੰਘ, ਨਛੱਤਰ ਸਿੰਘ ਸੁਖਨਾ, ਸੁਖਦੇਵ ਦਾਸ ਭਲਾਈਆਣਾ, ਸੁਖਦੇਵ ਸਿੰਘ ਖੂਨਣ ਖੁਰਦ, ਕੁੰਦਨ ਸਿੰਘ ਖਾਲਸਾ, ਰਣਜੀਤ ਸਿੰਘ ਬੁੱਟਰ ਦੋਦਾ, ਲੋਕ ਮੋਰਚਾ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ, ਡੀਟੀਐੱਫ ਦੇ ਮਾਸਟਰ ਸੋਹਣ ਸਿੰਘ ਮੁਕਤਸਰ, ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।