ਜਗਸੀਰ ਛੱਤਿਆਣਾ ਗਿੱਦੜਬਾਹਾ : ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਦਫ਼ਤਰ ਗਿੱਦੜਬਾਹਾ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਹਲਵਿੰਦਰ ਸਿੰਘ ਤੇ ਬਲਾਕ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ 'ਚ ਬੀਐੱਫਟੀ ਦੇ ਸਮਰਥਨ ਨਾਲ ਲਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਰਮਚਾਰੀਆਂ ਨੇ ਸਬੰਧਿਤ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਇਕਬਾਲ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ੳੱੁਕਾ-ਪੁੱਕਾ ਤਨਖਾਹ ਦੇ ਕੇ ਡੰਗ ਸਾਰ ਰਹੀ ਹੈ ਤੇ ਤਨਖਾਹ ਤੋਂ ਬਿਨਾਂ ਉਨ੍ਹਾਂ ਨੂੰ ਹੋਰ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ, ਇੱਥੋ ਤਕ ਕਿ ਡਿਊਟੀ ਦੌਰਾਨ ਕਿਸੇ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਸਰਕਾਰ ਉਸ ਦੇ ਪਰਿਵਾਰ ਨੂੰ ਕੋਈ ਸਹਾਇਤਾ ਨਹੀਂ ਦਿੰਦੀ, ਜਦਕਿ ਸਰਕਾਰ ਵੱਲੋਂ ਵਿਧਾਇਕਾਂ ਨੂੰ ਕੈਬਨਿਟ ਦਰਜਾ ਦੇ ਕੇ ਉਨ੍ਹਾਂ ਨੂੰ ਵਾਧੂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੰਚਾਇਤ ਵਿਭਾਗ ਦੇ ਅਧੀਨ ਲਿਆ ਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਜਗਦੇਵ ਸਿੰਘ, ਕਰਮਜੀਤ ਸਿੰਘ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਜਗਮੀਤ ਸਿੰਘ, ਚਮਕੌਰ ਸਿੰਘ, ਮੰਗਾ ਸਿੰਘ, ਸੁਪਖਾਲ ਸਿੰਘ, ਸੁਖਵੀਰ ਸਿੰਘ ਤੇ ਬੀਟੀਐਫ ਵੱਲੋਂ ਸੁਖਜਿੰਦਰ ਸਿੰਘ, ਗੁਰਵਿੰਦਰ ਕੌਰ ਆਦਿ ਮੌਜੂਦ ਸਨ।