ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਸੀਏਬੀ ਅਤੇ ਐੱਨਆਰਸੀ ਕਾਨੂੰਨ ਦੇ ਵਿਰੋਧ 'ਚ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਥਾਨਕ ਸਰਕਾਰੀ ਕਾਲਜ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਿਲ਼੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਤੇ ਰਾਜ ਸਪਾ ਦੁਆਰਾ ਜੋ ਰਾਸ਼ਟਰੀ ਨਾਗਰਿਕ ਰਜਿਸਟਰ ਦੇ ਤਹਿਤ ਨਾਗਰਿਕਤਾ ਸੰਸ਼ੋਧਨ ਕਾਨੂੰਨ ਪਾਸ ਕੀਤਾ ਗਿਆ ਹੈ ਇਹ ਸੰਵਿਧਾਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਦੇਸ਼ ਦਾ ਮਾਹੌਲ ਖਰਾਬ ਹੋ ਸਕਦਾ ਹੈ, ਕਿਉਂਕਿ ਇਹ ਕਾਨੂੰਨ ਧਰਮਾਂ ਨੂੰ ਮੁੱਖ ਰੱਖਕੇ ਬਣਾਇਆ ਗਿਆ ਹੈ। ਉਨ੍ਹਾਂ ਸਰਕਾਰ 'ਤੇ ਸਵਾਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਦਾ ਮਕਸਦ ਦੇਸ਼ ਵਿਚ ਸਭ ਤੋਂ ਵੱਡੀ ਘੱਟ ਗਿਣਤੀ ਨੂੰ ਸ਼ੱਕ ਦੇ ਘੇਰੇ 'ਚ ਖੜ੍ਹਾ ਕਰਕੇ ਫਿਰਕੂ ਫਸਾਦ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਰੀ ਮਸਜਿਦ ਨੂੰ ਤੋੜਕੇ ਰਾਮ ਮੰਦਿਰ ਦੀ ਉਸਾਰੀ ਕਰਨਾ ਉਸੇ ਫਾਸੀਵਾਦ ਨੂੰ ਅੱਗੇ ਵਧਾਉਣ ਵਾਲੇ ਕਦਮ ਹਨ ਅਤੇ ਕਾਲੇ ਕਾਨੂੰਨਾਂ ਤਹਿਤ ਮੁਲਕ ਨੂੰ ਧਾਰਮਿਕ ਅਧਾਰ ਤੇ ਨਾਗਰਿਕਤਾ ਦੇਣ ਵਾਲਾ ਕਾਨੂੰਨ ਫਿਰਕਾਪ੍ਰਸਤੀ ਨੂੰ ਹੋਰ ਹਵਾ ਦੇਣ ਵਾਲਾ ਹੈ। ਇਸ ਤੋਂ ਬਾਅਦ ਪੀਐਸਯੂ ਦੇ ਜ਼ਿਲ੍ਹਾ ਆਗੂ ਜਸਪ੍ਰਰੀਤ ਕੌਰ ਅਤੇ ਸੁਖਵੀਰ ਕੌਰ ਨੇ ਕਿਹਾ ਕਿ ਸਰਕਾਰ ਸਸਤੀ ਸਿੱਖਿਆ ਤੇ ਰੁਜ਼ਗਾਰ ਤੋਂ ਇਲਾਵਾ ਸਿਹਤ ਸਹੂਲਤਾਂ ਤੋਂ ਪੱਲਾ ਝਾੜ ਰਹੀ ਹੈ। ਇਸ ਸਮੇਂ ਲੋਕਾਂ ਦੇ ਟੈਕਸਾਂ ਨਾਲ ਖਜ਼ਾਨੇ ਤੇ ਲੋਕਾਂ ਦੀਆਂ ਜੇਬਾਂ 'ਤੇ ਪਾਏ ਜਾ ਰਹੇ ਬੋਲੋੜੇ ਬੋਝ ਦੀ ਇਜਾਜਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇਸ਼ ਨੂੰ ਐਮਰਜੈਂਸੀ ਦੇ ਹਾਲਾਤਾਂ ਵੱਲ ਧੱਕਣ ਦਾ ਵਿਰੋਧ ਕੀਤਾ। ਇਸ ਮੌਕੇ ਯੂਨੀਅਨ ਦੇ ਆਗੂ ਖੁਸ਼ਪ੍ਰਰੀਤ ਕੌਰ, ਅਰਸ਼ਦੀਪ, ਮੁਕੇਸ਼, ਗੁਰਦਿੱਤ, ਸੰਦੀਪ ਕੌਰ ਆਦਿ ਮੌਜੂਦ ਸਨ।