- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਫਰਵਰੀ ਨੂੰ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ : ਐਸਕੇਐਮ ਆਗੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ : ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਹੋਈ। ਮੀਟਿੰਗ ’ਚ 22 ਫਰਵਰੀ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਵੱਲੋਂ ਮਜ਼ਦੂਰ, ਮੁਲਾਜ਼ਮ ਵਿਰੋਧੀ ਫੈਸਲਿਆਂ ਖਿਲਾਫ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਕੋਟਲੀ ਦਿਓਣ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਕੌਮੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭੁਲੇਰੀਆਂ, ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਲਾਲ ਸਿੰਘ ਫੱਤਣਵਾਲਾ, ਪੰਜਾਬ ਸਟੂਡੈਂਟ ਯੂਨੀਅਨ ਦੇ ਕਨਵੀਨਰ ਨੌਨਿਹਾਲ ਸਿੰਘ ਥਾਂਦੇਵਾਲਾ, ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਖੋਖਰ, ਕੁਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਪ੍ਰਮੁੱਖ ਮੰਗਾਂ ਜਿਸ ’ਚ ਭਾਰਤ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਟੈਕਸ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਬਿਲ 2025 ਰੱਦ ਕਰਵਾਉਣ ਲਈ, ਬੀਜ਼ ਬਿੱਲ 2025 ਰੱਦ ਕਰਵਾਉਣ ਲਈ, ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਾਨੂੰਨ ਲਾਗੂ ਕੀਤੇ ਜਾਣ, ਨਿੱਜੀਕਰਨ ਬੰਦ ਕੀਤਾ ਜਾਵੇ, ਘੱਟੋ ਘੱਟ ਪੈਨਸ਼ਨ ਸਭ ਲਈ 10 ਹਜਾਰ ਰੁਪਏ ਕੀਤੀ ਜਾਵੇ, ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਨੂੰ ਲਾਗੂ ਕੀਤਾ ਜਾਵੇ,ਕਿਸਾਨਾਂ ਮਜਦੂਰਾਂ ਦੇ ਕਰਜੇ ਮਾਫ ਕੀਤੇ ਜਾਣ,ਸਾਰੀਆਂ ਫਸਲਾਂ ਤੇ ਐਮਐਸਪੀ ਦਿੱਤਾ ਜਾਵੇ। ਇਨਾਂ ਲੋਕ ਮਾਰੂ ਬਿੱਲਾਂ ਖਿਲਾਫ ਲਗਾਤਾਰ ਚੁੱਪੀ ਧਾਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਇਨ੍ਹਾਂ ਲੋਕ ਮਾਰੂ ਬਿੱਲਾਂ ਦਾ ਸਮਰਥਨ ਕਰਨ ਵਾਲੇ ਭਾਜਪਾ ਦੇ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਅਤੇ ਹੋਰ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਬਾਦਲ ਅਤੇ ਆਮ ਆਦਮੀ ਪਾਰਟੀ ਦੀ ਮੰਤਰੀ ਬੀਬੀ ਬਲਜੀਤ ਕੌਰ ਦੀ ਕੋਠੀ ਮਲੋਟ ਅਤੇ ਮੁਕਤਸਰ ਤੋਂ ਵਿਧਾਇਕ ਕਾਕਾ ਬਰਾੜ ਦੀ ਰਿਹਾਇਸ਼ ਮੂਹਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਇਨਾ ਖਤਰਨਾਕ ਲੋਕ ਮਾਰੂ ਬਿੱਲਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਹਰਪ੍ਰੀਤ ਸਿੰਘ ਗੋਨੇਆਣਾ, ਜਸਵੰਤ ਸਿੰਘ ਡੋਡਾਂਵਾਲੀ, ਅੰਮ੍ਰਿਤਪਾਲ ਸਿੰਘ ਗੋਨੇਆਣਾ, ਦਰਸ਼ਨ ਸਿੰਘ ਵੜਿੰਗ ਆਦਿ ਕਿਸਾਨ ਆਗੂ ਹਾਜ਼ਰ ਸਨ।