- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਪੀਐਸਯੂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਪੀਐਸਯੂ) ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਐਕਸ਼ਨ ਕਮੇਟੀ ਦੇ ਸੱਦੇ ’ਤੇ 15 ਅਕਤੂਬਰ ਦੇ ਪੰਜਾਬ ਬੰਦ ’ਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ’ਚ ਵਿਦਿਆਰਥੀ ਸ਼ਮੂਲੀਅਤ ਕਰਨਗੇ। ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਢਿੱਲਵਾਂ ਅਤੇ ਕਾਲਜ ਕਮੇਟੀ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੱਲ੍ਹ ਸਵੇਰੇ ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਲਗਾਤਾਰ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਪੰਜਾਬ ’ਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਹਾਲਤ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਪੀਐਸਯੂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਨੂੰ ਪਨਾਹ ਦੇਣ ਵਾਲੇ ਸਿਆਸੀ-ਪ੍ਰਸ਼ਾਸਨਿਕ ਢਾਂਚੇ ਖ਼ਿਲਾਫ਼ ਲੋਕਾਂ ਅਤੇ ਵਿਦਿਆਰਥੀਆਂ ਨੂੰ ਵੱਡੇ ਪੱਧਰ ’ਤੇ ਸੰਘਰਸ਼ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ ਐਕਸ਼ਨ ਕਮੇਟੀ ਦੇ ਸੱਦੇ ’ਤੇ 15 ਅਕਤੂਬਰ ਦੇ ਬੰਦ ’ਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਕਾਲਜ ਇਕਾਈ ਦੇ ਪ੍ਰੈੱਸ ਸਕੱਤਰ ਕਰਨ ਗਿੱਲ, ਖ਼ਜਾਨਚੀ ਜੈਸਮੀਨ ਅਤੇ ਰੁਕਸਾਨਾ, ਸੋਸ਼ਲ ਮੀਡਿਆ ਸਕੱਤਰ ਖੁਸ਼ ਕਾਲਿਆ ਵਾਲੀ ਅਤੇ ਹਰਪ੍ਰੀਤ ਸਿੰਘ ਕੋਟਲੀ ਦੇਵਨ, ਕਾਲਜ ਕਮੇਟੀ ਮੈਂਬਰ ਕ੍ਰਿਸ਼ਨਪ੍ਰੀਤ , ਜਸਮੀਤ ਕੌਰ, ਹਰਮਨ ਕੌਰ, ਰਾਮਪ੍ਰੀਤ,ਕ੍ਰਿਸ਼ਨ ਸਿੰਘ, ਜਸ਼ਨ ਦੋਦਾ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਸ਼ਾਮਿਲ ਸਨ।