ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ; ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ
Publish Date: Wed, 08 Apr 2026 04:44 PM (IST)
Updated Date: Wed, 08 Apr 2026 04:47 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੌਜੂਦਾ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਗਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ (B.O.C.W) ਦੀ ਵੈੱਬਸਾਈਟ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਬੰਦ ਪਈ ਹੈ। ਇਸ ਕਾਰਨ ਮਜ਼ਦੂਰ ਸੇਵਾ ਕੇਂਦਰਾਂ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ, ਪਰ ਉਨ੍ਹਾਂ ਦੇ ਕੰਮ ਨਹੀਂ ਹੋ ਰਹੇ। ਸਰਕਾਰ ਅਤੇ ਸਬੰਧਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਬਣਾਏ ਗਏ ਚਾਰ ਲੇਬਰ ਕੋਡਾਂ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ। ਯੂਨੀਅਨ ਨੇ ਇਤਰਾਜ਼ ਜਤਾਇਆ ਕਿ ਕੰਮ ਦੇ ਸਮੇਂ ਨੂੰ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨਾ ਮਜ਼ਦੂਰਾਂ ਦੀ ਸਿਹਤ ਅਤੇ ਜਾਨ ਨਾਲ ਖਿਲਵਾੜ ਹੈ। ਇਹ ਮਜ਼ਦੂਰਾਂ ਦੇ ਹੱਕਾਂ ਤੇ ਸਿੱਧਾ ਡਾਕਾ ਹੈ। ਮਜ਼ਦੂਰਾਂ ਦੇ ਬੱਚਿਆਂ ਦੇ ਵਜ਼ੀਫ਼ਿਆਂ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਨਾ ਮਿਲਣ ਕਾਰਨ ਮਜ਼ਦੂਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹਨਾਂ ਚਾਰ ਲੇਬਰ ਕੋਡਾਂ ਤੇ ਮੁੜ ਵਿਚਾਰ ਕਰਕੇ ਪੁਰਾਣੀ ਵਿਵਸਥਾ ਬਹਾਲ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਵਜ਼ੀਫ਼ਿਆਂ ਦੀ ਅਦਾਇਗੀ ਅਤੇ ਬੰਦ ਪਈ ਸਾਈਟ ਨੂੰ ਤੁਰੰਤ ਚਾਲੂ ਨਾ ਕੀਤਾ ਗਿਆ, ਤਾਂ ਮਜ਼ਦੂਰ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੀਤਮ ਸਿੰਘ ਵੈਦਾ, ਗੁਰਸੇਵਕ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ ਅਤੇ ਹੋਰ ਮਜ਼ਦੂਰ ਆਗੂ ਹਾਜ਼ਰ ਸਨ।