- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਬਾਦਲ ਸਥਿਤ ਸਰਕਾਰੀ ਆਈਟੀਆਈ ਨੂੰ ਬੰਦ ਕਰਕੇ ਖਿਓਵਾਲੀ ਆਈਟੀਆਈ ’ਚ ਰਲੇਵਾਂ ਕਰਨ ਦੇ ਨਾਮ ਤੇ ਬੰਦ ਕਰਨ ਖ਼ਿਲਾਫ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪੀਐਸਯੂ ਦੇ ਸੂਬਾ ਆਗੂ ਸੁਖਪ੍ਰੀਤ ਕੌਰ, ਹਰਵੀਰ ਕੌਰ ਅਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਨੀਤੀ 2020 ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਲਾਗੂ ਕਰ ਦਿੱਤੀ ਹੈ। ਨਵੀਂ ਸਿੱਖਿਆ ਨੀਤੀ 2020 ਦੇ ਮਾੜੇ ਪ੍ਰਭਾਵ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡ ਬਾਦਲ ਵਿਖੇ ਪਿਛਲੇ 25 ਸਾਲਾਂ ਤੋਂ ਬਹੁਤ ਸੁਚੱਜੇ ਢੰਗ ਨਾਲ ਚਲਦੀ ਆ ਰਹੀ ਸਰਕਾਰੀ ਆਈਟੀਆਈ ਨੂੰ ਬਿਨਾਂ ਕਿਸੇ ਕਾਰਨ ਦੇ ਮੰਤਰੀ ਮੰਡਲ ਦੇ ਫ਼ੈਸਲੇ ਅਨੁਸਾਰ 4 ਅਗਸਤ 2025 ਨੂੰ ਸਰਕਾਰੀ ਆਈਟੀਆਈ ਖਿਉਵਾਲੀ ’ਚ ਸ਼ਿਫਟ ਕਰ ਦਿੱਤਾ ਗਿਆ ਸੀ। ਜਿਸ ਕਰਕੇ ਬਾਦਲ ਪਿੰਡ ਅਤੇ ਆਸ-ਪਾਸ ਦੇ ਲਗਭਗ 20-25 ਪਿੰਡਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ’ਚ ਸਰਕਾਰੀ ਆਈਟੀਆਈਜ਼ ਦੀ ਗਿਣਤੀ ਸਿਰਫ਼ 116 ਹੈ ਤੇ ਸਰਕਾਰ ਦਾ ਜ਼ੋਰ ਇਨ੍ਹਾਂ ਨੂੰ ਵੀ ਬੰਦ ਕਰਨ ’ਤੇ ਲੱਗਾ ਹੋਇਆ ਹੈ। ਜਦਕਿ ਲੋੜ੍ਹ ਤਾਂ ਹੋਰ ਸਰਕਾਰੀ ਸੰਸਥਾਵਾਂ ਖੋਲ੍ਹ ਕੇ ਆਮ ਲੋਕਾਂ ਤੱਕ ਸਰਕਾਰੀ ਸਿੱਖਿਆ ਪਹੁੰਚਾਉਣਾ ਸੀ। ਇੱਕ ਪਾਸੇ ਪੰਜਾਬ ਸਰਕਾਰ ‘ਸਕਿੱਲ ਡਿਵੈਲਪਮੈਂਟ’ ਦੇ ਨਾਂ ’ਤੇ ਨਵੇਂ ਕੋਰਸ ਸ਼ੁਰੂ ਕਰਨ ਦੇ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਮਸ਼ਹੂਰੀਆਂ ਕਰ ਰਹੀ ਹੈ, ਪਰ ਦੂਜੇ ਪਾਸੇ ਚੱਲ ਰਹੀਆਂ ਸਥਾਪਿਤ ਤਕਨੀਕੀ ਸੰਸਥਾਵਾਂ ਨੂੰ ਬੰਦ ਕਰਨ ਦੇ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਜੱਗ-ਜ਼ਾਹਿਰ ਕਰਦਾ ਹੈ। ਜ਼ੋਨਲ ਆਗੂ ਨੌਨਿਹਾਲ ਸਿੰਘ ਥਾਂਦੇਵਾਲਾ, ਜਸਨੀਤ ਸਿੰਘ ਅਤੇ ਸੁਖਬੀਰ ਸਿੰਘ ਨੇ ਦੱਸਿਆ ਕਿ ਪੀਐੱਸਯੂ ਅਤੇ ਬਾਦਲ ਵਾਸੀਆਂ ਵੱਲੋਂ ਪਿਛਲੇ ਲਗਭਗ 10 ਦਿਨਾਂ ਤੋਂ ਸਰਕਾਰੀ ਆਈਟੀਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਸੀ। ਇਸਦੇ ਬਾਵਜੂਦ ਮੰਤਰੀ ਨੇ ਘਰ ’ਚ ਰਹਿੰਦਿਆਂ ਵੀ ਲੋਕਾਂ ਦੀ ਗੱਲ ਸੁਣਨਾ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਾ ਜ਼ਰੂਰੀ ਨਹੀਂ ਸਮਝਿਆ, ਜਿਸ ਕਾਰਨ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ’ਚ ਭਾਰੀ ਰੋਸ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਆਗੂਆਂ ਨੂੰ ਮੰਤਰੀ ਦੇ ਪੀਏ ਨਾਲ ਮੀਟਿੰਗ ਲਈ ਬੁਲਾਇਆ ਗਿਆ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਮਸਲੇ ਦਾ ਹੱਲ ਸਿਰਫ਼ ਸਬੰਧਤ ਵਿਭਾਗ ਦੇ ਮੰਤਰੀ ਪੱਧਰ ’ਤੇ ਹੀ ਸੰਭਵ ਹੈ, ਇਸ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ। ਪਰ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਇਸ ਮੰਗ 'ਤੇ ਕੋਈ ਠੋਸ ਭਰੋਸਾ ਦੇਣ ਦੀ ਬਜਾਏ ਟਾਲ-ਮਟੋਲ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਸਰਕਾਰੀ ਆਈਟੀਆਈ ਬਾਦਲ ਨੂੰ ਮੁੜ ਚਾਲੂ ਕਰਨ ਸਬੰਧੀ ਆਗੂਆਂ ਵੱਲੋਂ ਗੁਰਮੀਤ ਖੁੱਡੀਆਂ ਨਾਲ ਫ਼ੋਨ ਕਾਲ 'ਤੇ ਗੱਲ ਕਰਦਿਆਂ ਸਪੱਸ਼ਟ ਫ਼ੈਸਲੇ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਇਸ ਮੰਗ ਨੂੰ ਸਿੱਧੇ ਤੌਰ 'ਤੇ ਰੱਦ ਕਰ ਦਿੱਤਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਵਿਦਿਆਰਥੀਆਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਉਪਰੰਤ ਆਗੂਆਂ ਨੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਜਲਦ ਐਲਾਨਣ ਦਾ ਐਲਾਨ ਕਰਦਿਆਂ ਧਰਨਾ ਸਮਾਪਤ ਕਰ ਦਿੱਤਾ। ਧਰਨੇ ਦੌਰਾਨ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਖੋਖਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਸ਼ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸੇਵੇਵਾਲਾ, ਟੈਕਨੀਕਲ ਸਰਵਿਸ ਯੂਨੀਅਨ ਦੇ ਸਤਪਾਲ ਸਿੰਘ, ਪੀ ਐਸ ਯੂ (ਰੰਧਾਵਾ) ਦੇ ਆਗੂ ਬਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਦਿਲਾਵਰ ਸਿੰਘ, ਸੁਖਚੈਨ ਚੈਨਾ (ਬਾਦਲ), ਗੁਰਤੇਜ ਖੁੱਡੀਆਂ ਨੇ ਸੰਬੋਧਨ ਕੀਤਾ।