ਜਗਸੀਰ ਛੱਤਿਆਣਾ, ਗਿੱਦੜਬਾਹਾ : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਫਲਤਾ ਪੂਰਵਕ ਚਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਸਕੂਲ ਪਿ੍ਰੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ 'ਚ ਐੱਨਸੀਸੀ ਅਫਸਰ ਅਮਰ ਨਾਥ ਦੀ ਦੇਖ-ਰੇਖ 'ਚ ਐੱਨਸੀਸੀ ਕੈਡਿਟਾਂ ਵੱਲੋਂ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਪਿੰਡ ਦੀ ਸੱਥ ਤੇ ਜਨਤਕ ਥਾਵਾਂ ਤੇ ਲੋਕਾਂ ਦੇ ਇਕੱਠ ਨੂੰ 'ਪ੍ਰਦੂਸ਼ਣ ਹਟਾਓ ਵਾਤਾਵਰਨ ਬਚਾਓ' ਦਾ ਦਿੱਤਾ ਹੋਕਾ ਦਿੰਦਿਆਂ ਵਰਤਾਵਰਨ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਲੋਕਾਂ ਨੂੰ ਸਿੰਗਲ ਵਰਤੋਂ ਵਾਲੀ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ। ਇਸ ਮੌਕੇ ਡਾ. ਮਨੀਸ਼ਾ, ਪੰਜਾਬੀ ਲੈਕਚਰਾਰ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਉੱਤੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਦਿਨ-ਬਦਿਨ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਜੋ ਆਉਣ ਵਾਲੇ ਸਮੇਂ 'ਚ ਸਾਡੇ ਲਈ ਅਨੇਕਾਂ ਸਮੱਸਿਆਵਾਂ ਅਤੇ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਾਂ। ਇਸ ਲਈ ਵਾਤਾਵਰਨ ਪ੍ਰਤੀ ਸੁਚੇਤ ਹੋ ਕੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆ ਕੇ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ 'ਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕੇ।