ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਕੱਲ੍ਹ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਪੋਲਿੰਗ ਬੂਥਾਂ ’ਤੇ 25 ਦੀ ਬਜਾਏ ਹੁਣ 24 ਅਕਤੂਬਰ ਨੂੰ ਲੱਗਣਗੇ ਕੈਂਪ
Publish Date: Thu, 22 Oct 2026 04:57 PM (IST)
Updated Date: Fri, 23 Oct 2026 04:01 AM (IST)
-ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਬੀਐੱਲਓਜ਼ ਅੰਤਿਮ ਵੋਟਰ ਸੂਚੀ ਸਮੇਤ ਬੂਥਾਂ ’ਤੇ ਰਹਿਣਗੇ ਹਾਜ਼ਰ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਮਿਤੀ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ 2026 (ਸ਼ਨੀਵਾਰ) ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਸਹੂਲਤ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ’ਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀਐੱਲਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਸਰਸਰੀ ਸੁਧਾਈ-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਕਰਨ ’ਚ ਸਹਾਇਤਾ ਕਰਨਗੇ। ਇਸਤੋਂ ਇਲਾਵਾ, ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਮ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਤੇ ਜਮ੍ਹਾਂ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।