ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ :

ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਐਤਵਾਰ ਨੂੰ ਕੋਈ ਵੀ ਵਿਅਕਤੀ ਕੋਰੋਨਾ ਪਾਜ਼ੇਟਿਵ ਨਹੀਂ ਪਾਇਆ ਗਿਆ ਹੈ ਜਦਕਿ ਜ਼ਿਲ੍ਹੇ 'ਚ 3 ਹੋਰ ਵਿਅਕਤੀ ਠੀਕ ਹੋ ਗਏ ਹਨ। ਹੁਣ ਤਕ ਜ਼ਿਲ੍ਹੇ 'ਚ 523 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 28 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤਕ ਕੁੱਲ 341844 ਸੈਂਪਲ ਲਏ ਗਏ ਹਨ ਜਿਨਾਂ੍ਹ 'ਚੋਂ 317150 ਲੋਕਾਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਜ਼ਿਲ੍ਹੇ 'ਚ ਹੁਣ ਤਕ ਕੁੱਲ 18160 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ 164 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਹਰ ਇੱਕ ਨੂੰ ਕੋਵਿਡ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ ਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ੍ਹ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ ਨਾਲ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਤੋਂ ਬਚਾਅ ਰਹਿ ਸਕੇ।