ਸੀਵਰੇਜ ਦੀ ਸਮੱਸਿਆ ਤੋਂ ਅੱਕੇ ਵਾਰਡ 23 ਦੇ ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਸੀਵਰੇਜ ਦੀ ਸਮੱਸਿਆ ਤੋਂ ਅੱਕੇ ਵਾਰਡ ਨੰਬਰ 23 ਦੇ ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Sun, 05 Jul 2026 05:45 PM (IST)
Updated Date: Sun, 05 Jul 2026 05:47 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਲੰਬੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਓਵਰਫਲੋਅ ਸਮੱਸਿਆ ਤੋਂ ਪ੍ਰੇਸ਼ਾਨ ਸਥਾਨਕ ਵਾਰਡ ਨੰਬਰ 23 ਦੇ ਅਧੀਨ ਆਉਂਦੀ ਮੌੜ ਰੋਡ ਗਲੀ ਨੰਬਰ 2 ਅਤੇ ਸੁਭਾਸ਼ ਨਗਰ ਬਸਤੀ ਦੇ ਨਿਵਾਸੀਆਂ ਵੱਲੋਂ ਅੱਜ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭੜਕੇ ਹੋਏ ਇਲਾਕਾ ਨਿਵਾਸੀਆਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਖ਼ਿਲਾਫ਼ ਜੰਮ ਕੇ ਪਿੱਟ-ਸਿਆਪਾ ਕਰਦਿਆਂ ਆਪਣੀ ਭੜਾਸ ਕੱਢੀ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੁਭਾਸ਼ ਨਗਰ ਬਸਤੀ ਦੇ ਵਾਸੀ ਵਿੱਕੀ, ਸੁਖਦੀਪ ਸਿੰਘ, ਰਮੇਸ਼ ਕੁਮਾਰ ਅਤੇ ਹੋਰਨਾਂ ਨੇ ਦੱਸਿਆ ਕਿ ਮੌੜ ਰੋਡ, ਸੁਭਾਸ਼ ਨਗਰ ਬਸਤੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦਾ ਸੰਤਾਪ ਝੱਲ ਰਹੇ ਹਨ, ਪਰ ਕੋਈ ਵੀ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਅਤੇ ਜ਼ੁਬਾਨੀ ਤੌਰ ਤੇ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਕਈ ਧਰਨੇ-ਪ੍ਰਦਰਸ਼ਨ ਵੀ ਕੀਤੇ ਗਏ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਮਸਲੇ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਸੂਬੇ ’ਚ ਵੀ ਆਪ ਦੀ ਸਰਕਾਰ ਹੈ ਅਤੇ ਸਥਾਨਕ ਨਗਰ ਕੌਂਸਲ ਤੇ ਵੀ ਆਮ ਆਦਮੀ ਪਾਰਟੀ ਦਾ ਹੀ ਕਬਜ਼ਾ ਹੈ, ਅਜਿਹੇ ਵਿੱਚ ਇਸ ਸਮੱਸਿਆ ਦਾ ਪੱਕਾ ਹੱਲ ਪਹਿਲ ਦੇ ਅਧਾਰ ਤੇ ਹੋਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਅਧਿਕਾਰੀ ਸਿਰਫ਼ ਮੌਕੇ ਤੇ ਆ ਕੇ ਖ਼ਾਨਾਪੂਰਤੀ (ਆਰਜ਼ੀ ਹੱਲ) ਕਰਕੇ ਚਲੇ ਜਾਂਦੇ ਹਨ, ਪਰ ਕੁਝ ਦਿਨਾਂ ਬਾਅਦ ਸਮੱਸਿਆ ਫਿਰ ਜਿਉਂ ਦੀ ਤਿਉਂ ਬਣ ਜਾਂਦੀ ਹੈ। ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗਲੀਆਂ ਵਿੱਚ ਗੰਦਾ ਪਾਣੀ ਜਮ੍ਹਾਂ ਰਹਿਣ ਕਾਰਨ ਹੁਣ ਘਰਾਂ ਅਤੇ ਦੁਕਾਨਾਂ ਵਿੱਚ ਬੈਠਣਾ ਵੀ ਮੁਸ਼ਕਲ ਹੋ ਗਿਆ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਾ ਕੱਢਿਆ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਇਸਦਾ ਖ਼ਾਮਿਆਜ਼ਾ ਮੌਜੂਦਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।