- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕੋਟਭਾਈ ਪਹੁੰਚੇ ਖਪਤਕਾਰ ਕਮਿਸ਼ਨ ਦੇ ਮੈਂਬਰ ਜੱਜ ਰਿਟਾ. ਕਰਨਲ ਜਸਬੀਰ ਸਿੰਘ ਬਾਠ, ਪੁਲਿਸ ’ਤੇ ਗੰਭੀਰ ਦੋਸ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਸ੍ਰੀ ਮੁਕਤਸਰ ਸਾਹਿਬ ਦੀ ਖਪਤਕਾਰ ਕਮਿਸ਼ਨ ਦੇ ਮੈਂਬਰ ਜੱਜ ਰਿਟਾ. ਕਰਨਲ ਜਸਬੀਰ ਸਿੰਘ ਬਾਠ ਨੇ ਅੱਜ ਥਾਣਾ ਕੋਟਭਾਈ ਪਹੁੰਚ ਕੇ ਪੁਲਿਸ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਪੁਲਿਸ ਵੱਲੋਂ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਨਾ ਕਰਨ ਅਤੇ ਕਥਿਤ ਤੌਰ ’ਤੇ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਟਾ. ਕਰਨਲ ਜਸਬੀਰ ਸਿੰਘ ਬਾਠ ਨੇ ਦੱਸਿਆ ਕਿ ਉਹ ਪਿੰਡ ਬਾਦੀਆਂ ਦੇ ਰਹਿਣ ਵਾਲੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਖਪਤਕਾਰ ਕਮਿਸ਼ਨ ਮੈਂਬਰ ਜੱਜ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸਤੋਂ ਇਲਾਵਾ ਉਨ੍ਹਾਂ ਕੋਲ ਮੋਹਾਲੀ ਵਿਖੇ ਵੀ ਵਾਧੂ ਚਾਰਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਉਨ੍ਹਾਂ ਦੇ ਭਰਾ ਅਤੇ ਭਤੀਜੇ ਵੱਲੋਂ ਉਨ੍ਹਾਂ ਦੇ ਘਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਐੱਸਐੱਚਓ ਕੋਟਭਾਈ, ਡੀਐੱਸਪੀ ਗਿੱਦੜਬਾਹਾ ਅਤੇ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੂੰ ਲਗਾਤਾਰ ਸ਼ਿਕਾਇਤਾਂ ਦੇ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਰਿਟਾਇਰਡ ਕਰਨਲ ਬਾਠ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਕਾਫ਼ੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਭਰਾ ਅਤੇ ਭਤੀਜੇ ਵੱਲੋਂ ਉਨ੍ਹਾਂ ਦੇ ਕਬਜ਼ੇ ਵਾਲੀ ਥਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਬੰਧੀ ਉਹ ਪੁਲਿਸ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਧੱਕੇ ਮਾਰ ਕੇ ਥਾਣੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਉਨ੍ਹਾਂ ਦੀ ਸ਼ਿਕਾਇਤ ’ਤੇ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਕਥਿਤ ਤੌਰ ’ਤੇ ਸਥਾਨਕ ਸਿਆਸੀ ਪਾਰਟੀ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਐੱਸਐੱਚਓ ਹੀ ਨਹੀਂ, ਸਗੋਂ ਉੱਚ ਅਧਿਕਾਰੀ ਵੀ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਉਧਰ ਜਦ ਇਸ ਸਬੰਧੀ ਐੱਸਐੱਚਓ ਕੋਟਭਾਈ ਰਾਜਬੀਰ ਸਿੰਘ ਸਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਸ਼ਿਕਾਇਤਾਂ ਉਨ੍ਹਾਂ ਨੂੰ ਮਿਲ ਚੁੱਕੀਆਂ ਹਨ ਤੇ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ।