ਸਰਕਾਰ ਵਾਅਦਿਆਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹਰ ਮੁੱਦੇ 'ਤੇ ਰਹੀ ਫੇਲ੍ਹ : ਕਮਲ ਕੁਮਾਰ 21 ਅਕਤੂਬਰ ਤੋਂ ਹੜਤਾਲ ਕਰਕੇ ਵਿਧਾਨ ਸਭਾ ਸੈਸ਼ਨ ਸਮੇਤ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ : ਰੋਡਵੇਜ਼ ਯੂਨੀਅਨ
Publish Date: Thu, 15 Oct 2026 04:36 PM (IST)
Updated Date: Fri, 16 Oct 2026 04:01 AM (IST)
ਰੋਡਵੇਜ਼ ਯੂਨੀਅਨ 21 ਤੋਂ ਹੜਤਾਲ ਕਰ ਕੇ ਵਿਧਾਨ ਸਭਾ ਸੈਸ਼ਨ ਸਮੇਤ ਮੁੱਖ ਮੰਤਰੀ ਰਿਹਾਇਸ਼ ਦਾ ਕਰੇਗੀ ਘਿਰਾਓ, ਪ੍ਰਾਈਵੇਟ ਬੱਸਾਂ ਤੇ ਠੇਕੇਦਾਰੀ ਪ੍ਰਥਾ ਰਾਹੀਂ ਨਿੱਜੀਕਰਨ ਨੂੰ ਉਤਸ਼ਾਹਤ ਕਰ ਰਹੀ ਹੈ ਸਰਕਾਰ: ਤਰਸੇਮ ਸਿੰਘ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸੂਬੇ ਭਰ ਦੇ ਸਮੂਹ ਡਿਪੂਆਂ ਦੇ ਗੇਟਾਂ ’ਤੇ ਵਿਸ਼ਾਲ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਅੱਜ ਸ੍ਰੀ ਮੁਕਤਸਰ ਸਾਹਿਬ ਡਿੱਪੂ ਅੱਗੇ ਗੇਟ ਰੈਲੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਸੱਤਾ ’ਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਨਸ਼ਾ ਖ਼ਤਮ ਕਰਨ ਤੇ ਰੇਤ, ਟਰਾਂਸਪੋਰਟ ਤੇ ਕੇਬਲ ਮਾਫ਼ੀਆ ਨੂੰ ਨੱਥ ਪਾਉਣ ਵਰਗੇ ਪ੍ਰਮੁੱਖ ਮੁੱਦਿਆਂ ’ਤੇ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਦੀ ਬਜਾਏ ਉਨ੍ਹਾਂ ਨਾਲ ਮਿਲੀਭੁਗਤ ਕਰ ਚੁੱਕੀ ਹੈ, ਜਿਸਦੇ ਸਿੱਟੇ ਵਜੋਂ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਜਾਗਦੇ ਜ਼ਮੀਰ ਵਾਲੇ ਲੋਕਾਂ ਵੱਲੋਂ ਕੀਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਯੂਨੀਅਨ ਵੱਲੋਂ ਭਰਵਾਂ ਸਮਰਥਨ ਕੀਤਾ ਗਿਆ ਹੈ। ਸਰਪ੍ਰਸਤ ਕਮਲ ਕੁਮਾਰ ਨੇ ਅੱਗੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਅੰਤਿਮ ਪੜਾਅ ’ਚ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਟ੍ਰਾਂਸਪੋਰਟ ਵਿਭਾਗ ’ਚ ਪਿਛਲੇ 5 ਸਾਲਾਂ ਦੌਰਾਨ ਇੱਕ ਵੀ ਨਵੀਂ ਸਰਕਾਰੀ ਬੱਸ ਨਹੀਂ ਪਾਈ ਗਈ, ਸਗੋਂ ‘ਕਿਲੋਮੀਟਰ ਸਕੀਮ’ ਬੱਸਾਂ ਅਤੇ ਠੇਕੇਦਾਰੀ ਪ੍ਰਥਾ ਰਾਹੀਂ ਆਪਣੇ ਚਹੇਤਿਆਂ ਨੂੰ ਵਿਭਾਗ ਦੀ ਲੁੱਟ ਕਰਵਾਈ ਜਾ ਰਹੀ ਹੈ। ਯੂਨੀਅਨ ਵੱਲੋਂ ਹੁਣ ਤੱਕ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਮੀਟਿੰਗਾਂ ਬੇਨਤੀਜਾ ਹੀ ਰਹੀਆਂ ਹਨ, ਜਿਸ ਕਾਰਨ ਵਰਕਰਾਂ ’ਚ ਭਾਰੀ ਰੋਸ ਹੈ। ਡਿਪੂ ਪ੍ਰਧਾਨ ਜਗਸੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਲਿਆਉਣ ਲਈ ਸਾਲ 2026 ’ਚ ਇੱਕ ਐਕਟ ਲਿਆਂਦਾ ਸੀ, ਪਰ ਇਸ ਨੂੰ ਹੁਣ ਠੰਡੇ ਬਸਤੇ ਵਿੱਚ ਪਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਪਿਛਲੇ 11 ਸਾਲਾਂ ਤੋਂ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰਕੇ ਕੰਟਰੈਕਟ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨ ਦੀ ਮੰਗ ਨੂੰ ਵਾਰ-ਵਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਨਬੱਸ ਨੂੰ ਬਣੇ 31 ਸਾਲ ਹੋ ਚੁੱਕੇ ਹਨ, ਪਰ ਅਜੇ ਤੱਕ ਰੂਲ ਲਾਗੂ ਨਾ ਕਰਕੇ ਮੁਲਾਜ਼ਮਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਦਰਜ ਕੀਤੇ ਗਏ ਨਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ। ਯੂਨੀਅਨ ਦੇ ਚੇਅਰਮੈਨ ਤਰਸੇਮ ਸਿੰਘ ਨੇ ਆਖਿਆ ਕਿ ਸੱਤਾ ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦੇ ਦਾਅਵੇ ਕੀਤੇ ਸਨ, ਪਰ ਹੁਣ 3 ਅਤੇ 5 ਸਾਲ ਵਾਲੇ ਮੁਲਾਜ਼ਮਾਂ ਲਈ ਨਵੇਂ ਬਿਲ ਲਿਆ ਕੇ ਮੁਲਾਜ਼ਮਾਂ ਵਿੱਚ ਪਾੜ ਪਾਉਣ ਅਤੇ ਸ਼ੋਸ਼ਣ ਕਰਨ ਦੀਆਂ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਕੰਟਰੈਕਟ ਤੇ ਲਿਆ ਕੇ ਸਮਾਂਬੱਧ ਤਰੀਕੇ ਨਾਲ ਪੱਕਾ ਕਰਨ ਦੀ ਨੋਟੀਫਿਕੇਸ਼ਨ ਜਾਰੀ ਨਾ ਕੀਤੀ, ਤਾਂ ਜਥੇਬੰਦੀ 21 ਅਕਤੂਬਰ ਤੋਂ ਸੂਬਾ ਵਿਆਪੀ ਮੁਕੰਮਲ ਹੜਤਾਲ ਕਰੇਗੀ। ਇਸ ਹੜਤਾਲ ਦੌਰਾਨ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ।