ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ 27 ਡਿੱਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਡਿੱਪੂ ਵਿਖੇ ਵੀ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡਿੱਪੂ ਪ੍ਰਧਾਨ ਹਰਜਿੰਦਰ ਸਿੰਘ ਅਤੇ ਡਿੱਪੂ ਜਨਰਲ ਸਕੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਸਰਕਾਰ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਦਾ ਖ਼ਜਾਨਾ ਭਰਨ ਵਾਲਾ ਮਹਿਕਮਾ ਬੰਦ ਕਰ ਰਹੀ ਹੈ, ਲਗਾਤਾਰ 14-15 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਕੋਰੋਨਾ ਮਹਾਂਮਾਰੀ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕੋਈ ਫੰਡ ਜਾਂ ਸਹੂਲਤ ਨਹੀਂ ਦੇ ਰਹੀ। ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਜਾਂ ਪੀਆਰਟੀਸੀ ਦੇ ਕੋਲ ਬੱਸਾਂ ਨਾ ਮਾਤਰ ਹੀ ਰਹਿ ਗਈਆਂ ਹਨ, ਜੇਕਰ ਮਹਿਲਾਵਾਂ ਨੂੰ ਮੁਫ਼ਤ ਸਫਰ ਸਹੂਲਤ ਦੇਣੀ ਹੈ ਤਾਂ ਸਰਕਾਰ ਨੂੰ ਘੱਟੋ ਘੱਟ 10 ਹਜ਼ਾਰ ਬੱਸਾਂ ਨਵੀਂਆਂ ਦੇਣੀਆਂ ਚਾਹੀਦੀਆਂ ਹਨ ਪਰ ਸਰਕਾਰ ਵੱਲੋਂ ਮਹਿਕਮੇ ਨੂੰ ਕੋਈ ਬਜਟ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਸਾਰੇ ਕੱਚੇ ਮੁਲਾਜ਼ਮਾਂ ਵੱਲੋਂ 19 ਮਈ ਨੂੰ ਪ੍ਰਰੈਸ ਕਾਨਫਰੰਸ ਕੀਤੀ ਜਾਵੇਗੀ ਤੇ 24 ਮਈ ਨੂੰ ਬੱਸਾਂ ਅਤੇ ਬੱਸ ਅੱਡਿਆਂ 'ਚ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ। ਇਸ ਮੌਕੇ ਬਲਕਾਰ ਸਿੰਘ, ਗੁਰਵਿੰਦਰ ਸਿੰਘ, ਸੁਧੀਰ ਕੁਮਾਰ, ਅਮਰੀਕ ਸਿੰਘ, ਹਰਪ੍ਰਰੀਤ ਸਿੰਘ, ਬੇਅੰਤ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ।