ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਸ਼ਹੀਦੀ ਸਮਾਗਮਾਂ 'ਤੇ ਸਿਆਸੀ ਕਾਨਫਰੰਸਾਂ ਕਰਕੇ ਸ਼ੋ੍ਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ ਤੇ ਧਾਰਮਿਕ ਮਾਹੌਲ ਨੂੰ ਗੰਧਲਾ ਕਰ ਕੇ ਸੰਗਤਾਂ ਦੀ ਸ਼ਰਧਾ ਨੂੰ ਠੇਸ ਪਹੁੰਚਾ ਰਿਹਾ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਮੁਕਤਸਰ ਸਾਹਿਬ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿ੍ਪਤ ਰਜਿੰਦਰ ਸਿੰਘ ਬਾਜਵਾ (ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ) ਨੇ ਕੀਤਾ। ਮੰਗਲਵਾਰ ਮਾਘ ਮਹੀਨੇ ਦੀ ਸੰਗਰਾਂਦ ਮੌਕੇ 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇ ਮਾਘੀ ਮੇਲੇ ਦੌਰਾਨ ਤਿ੍ਪਤ ਰਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਾਂ ਵਿਖੇ ਮੱਥਾ ਟੇਕਿਆ ਅਤੇ ਸੰਗਤ 'ਚ ਬੈਠ ਕੇ ਲੰਗਰ ਛਕਿਆ।

ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਗਿੱਦੜਬਾਹਾ, ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਪਵਿੱਤਰ ਦਿਹਾੜੇ ਦੇ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸੰਗਤਾਂ ਦੇ ਦਰਸ਼ਨ ਕਰਨ ਲਈ ਭੇਜਿਆ ਹੈ ਅਤੇ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਚਾਲੀ ਮੁਕਤਿਆਂ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਸ਼ੋ੍ਤ ਹੈ ਤੇ ਸਾਨੂੰ ਆਪਣੇ ਗੁਰੂ ਪ੍ਰਤੀ ਆਪਣੇ ਸਮਰਪਨ ਦੀ ਅਗਵਾਈ ਦਿੰਦਾ ਹੈ। ਇਕ ਸਵਾਲ ਦੇ ਜਵਾਬ 'ਚ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਬਿਜਲੀ ਕੀਮਤਾਂ 'ਚ ਵਾਧੇ ਲਈ ਪਿਛਲੀ ਸਰਕਾਰ ਵੱਲੋਂ ਕੀਤੇ ਗਲਤ ਸਮਝੌਤੇ ਅਸਲ ਕਾਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹੀ ਜ਼ਿੰਮੇਵਾਰ ਹਨ।

ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਕਿਸੇ ਨਾਲ ਧਰਮ ਦੇ ਅਧਾਰ ਤੇ ਵਖਰੇਵਾਂ ਨਹੀਂ ਕੀਤਾ ਜਾ ਸਕਦਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਮੰਦਭਾਵਨਾ ਨਾਲ ਪਾਸ ਕੀਤਾ ਗਿਆ ਹੈ। ਉਪਰੰਤ ਉਨ੍ਹਾਂ ਅਕਾਲ ਅਕੈਡਮੀ ਸਕੂਲ 'ਚ ਕਰਵਾਏ ਗਏ ਸਮਾਗਮ ਦੌਰਾਨ ਸੀਵਰੇਜ ਦੇ ਮੈਨਹੋਲਾਂ ਦੀ ਸਫ਼ਾਈ ਲਈ ਵਰਤੀ ਜਾਣ ਵਾਲੀਆਂ ਰੋਬੋਟਿਕ ਮਸ਼ੀਨਾਂ ਦੇ ਪ੍ਰਰਾਜੈਕਟ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ 'ਮੇਰਾ ਮੁਕਤਸਰ ਮੇਰਾ ਮਾਣ' ਮਿਸ਼ਨ ਤਹਿਤ ਆਰੰਭੇ ਇਸ ਪ੍ਰਰਾਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤਕਨੀਕ ਸੀਵਰੇਜਾਂ ਦੀ ਸਫਾਈ ਦੇ ਕੰਮ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ ਤੇ ਇਸ ਤਕਨੀਕ ਨਾਲ ਸੀਵਰੇਜ ਸਾਫ ਕਰਦੇ ਸਮੇਂ ਮਨੁੱਖਾਂ ਦੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਓ ਹੋ ਸਕੇਗਾ। ਬੈਂਡੀਕੂਟ ਨਾਂਅ ਮਸ਼ੀਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਇਸ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਇਸ ਨੂੰ ਹੋਰਨਾਂ ਜ਼ਿਲਿ੍ਆਂ 'ਚ ਵੀ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਐੱਮਕੇ ਅਰਵਿੰਦ ਕੁਮਾਰ ਤੇ ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਜ਼ਿਲ੍ਹੇ ਵਿਚ ਪੁੱਜਣ 'ਤੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਏਡੀਸੀ ਜਨਰਲ ਸੰਦੀਪ ਕੁਮਾਰ, ਏਡੀਸੀ ਵਿਕਾਸ ਐਚਐਸ ਸਰਾਂ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਐੱਸਡੀਐੱਮ ਗੋਪਾਲ ਸਿੰਘ, ਓਮ ਪ੍ਰਕਾਸ਼, ਵੀਰਪਾਲ ਕੌਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਭਾਸ ਚੰਦਰ, ਇੰਫੋਟੈਕ ਡਾਇਰੈਕਟਰ ਡਾ: ਨਰੇਸ਼ ਪਰੂਥੀ, ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੁਰਦਾਸ ਗਿਰਧਰ, ਗੁਰਸੰਤ ਸਿੰਘ ਬਰਾੜ, ਸਿਮਰਨਜੀਤ ਸਿੰਘ ਭੀਨਾ ਬਰਾੜ, ਕਾਰਜਕਾਰੀ ਇੰਜਨੀਅਰ ਪੀਐਸ ਧੰਜੂ ਆਦਿ ਵੀ ਹਾਜ਼ਰ ਸਨ।