ਸੈਕਰੇਡ ਹਾਰਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਮਲੋਟ ਦੇ ਸੈਕਰੇਡ ਹਾਰਟ ਕਾਨਵੈਂਟ ਸਕੂਲ ਦਾ ਆਈਸੀਐੱਸਈ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Sat, 02 May 2026 06:23 PM (IST)
Updated Date: Sat, 02 May 2026 06:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਦੇ ਸੈਕਰੇਡ ਹਾਰਟ ਕਾਨਵੈਂਟ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਈਸੀਐੱਸਈ (ICSE) ਪ੍ਰੀਖਿਆ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਨਤੀਜਾ ਐਲਾਨੇ ਜਾਣ ਤੋਂ ਬਾਅਦ ਸਕੂਲ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਪ੍ਰੀਖਿਆ ਵਿੱਚ ਕਵਾਨਬੀਰ ਸਿੰਘ ਨੇ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਚਾਹਤਵੀਰ ਕੌਰ ਨੇ 98.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਆਸਥਾ ਅਤੇ ਅਨਾਹਤ ਕੌਰ ਨੇ ਸਾਂਝੇ ਤੌਰ ਤੇ 97.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਸ਼ੇਸ਼ ਤੌਰ ਤੇ ਵਿਦਿਆਰਥਣ ਆਸਥਾ ਦੀ ਪ੍ਰਾਪਤੀ ਸ਼ਲਾਘਾਯੋਗ ਰਹੀ। ਇਹ ਜ਼ਿਕਰਯੋਗ ਹੈ ਕਿ ਪੰਜ ਵਿਸ਼ਿਆਂ ਵਿੱਚ 100/100 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਮਾਣ ਨਾਲ ਉੱਚਾ ਕੀਤਾ ਗਿਆ ਹੈ। ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣ ਗਈ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲਾਂ ਫਾਦਰ ਬਿਨੋ, ਫਾਦਰ ਦੀਪਕ, ਫਾਦਰ ਵਿਨਸੈਂਟ, ਸਿਸਟਰ ਸੇਲਵਿਨ ਅਤੇ ਸਿਸਟਰ ਅਨੀਲਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਨੇ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨਗੇ ਅਤੇ ਬਿਹਤਰ ਨਤੀਜੇ ਲਿਆਉਣਗੇ।