ਸੰਯੁਕਤ ਕਿਸਾਨ ਮੋਰਚੇ ਵੱਲੋਂ ਟੋਲ ਪਲਾਜ਼ੇ ਫ੍ਰੀ ਕਰਵਾ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਟੋਲ ਪਲਾਜ਼ੇ ਫ੍ਰੀ ਕਰਵਾ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Wed, 22 Jul 2026 07:12 PM (IST)
Updated Date: Wed, 22 Jul 2026 07:13 PM (IST)
- ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਚੇਤਨ ਭੂਰਾ, ਪੰਜਾਬੀ ਜਾਗਰਣ ਲੰਬੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਟੋਲ ਪਲਾਜ਼ਿਆਂ ’ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧਰਨੇ ਦਿੱਤੇ ਗਏ ਅਤੇ ਟੋਲ ਫ੍ਰੀ ਕਰਵਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੈਸ਼ਨਲ ਹਾਈਵੇ 9 ਤੇ ਸਥਿਤ ਅਬੁਲ ਖੁਰਾਣਾ ਟੋਲ ਪਲਾਜ਼ਾ ਤੇ ਵੀ ਕਿਸਾਨਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕੋਲਿਆਂਵਾਲੀ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਜੋ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ, ਉਸ ਨਾਲ ਖੇਤੀਬਾੜੀ, ਡੇਅਰੀ, ਮੁਰਗੀ ਪਾਲਣ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁੜੇ ਹਰ ਵਰਗ ਦਾ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਖੇਤੀ ਖੇਤਰ ਨੂੰ ਵਿਸ਼ਵ ਵਪਾਰ ਸੰਸਥਾ ਅਤੇ ਹੋਰ ਵਿਦੇਸ਼ੀ ਸਮਝੌਤਿਆਂ ਤੋਂ ਬਾਹਰ ਰੱਖਿਆ ਜਾਵੇ। ਇਸਤੋਂ ਇਲਾਵਾ, ਉਨ੍ਹਾਂ ਦਿੱਲੀ ’ਚ ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨਾਂ ਤੇ ਹੋਏ ਲਾਠੀਚਾਰਜ ਅਤੇ ਪੰਜਾਬ ’ਚ ਨਰੇਗਾ ਕਰਮਚਾਰੀਆਂ, ਮਿਡ-ਡੇ-ਮੀਲ ਵਰਕਰਾਂ ਤੇ ਹੋਰ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਦੀ ਵੀ ਕਰੜੀ ਨਿੰਦਾ ਕੀਤੀ। ਬੀਕੇਯੂ (ਉਗਰਾਹਾਂ) ਦੇ ਸੀਨੀਅਰ ਮੀਤ ਪ੍ਰਧਾਨ ਗੁਰਪਾਤ ਸਿੰਘ ਸਿੰਘੇਵਾਲਾ ਨੇ ਆਖਿਆ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨਾਲ ਵਿਦੇਸ਼ੀ ਖੇਤੀ ਉਤਪਾਦ ਅਤੇ ਡੇਅਰੀ ਪ੍ਰੋਡਕਟਸ ਸਾਡੇ ਦੇਸ਼ ਦੇ ਬਾਜ਼ਾਰਾਂ ’ਚ ਆ ਜਾਣਗੇ। ਬਾਹਰਲੇ ਮੁਲਕਾਂ ’ਚ ਕਿਸਾਨਾਂ ਨੂੰ 90 ਫ਼ੀਸਦੀ ਤੱਕ ਸਬਸਿਡੀ ਮਿਲਦੀ ਹੈ, ਜਦਕਿ ਸਾਡੇ ਕਿਸਾਨਾਂ ਦਾ ਲਾਗਤ ਖਰਚਾ ਪਹਿਲਾਂ ਹੀ ਬਹੁਤ ਜ਼ਿਆਦਾ ਹੈ। ਅਜਿਹੇ ’ਚ ਭਾਰਤੀ ਕਿਸਾਨ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਯੂਰੀਆ ਤੇ ਡੀਏਪੀ ਖਾਦਾਂ ਤੋਂ ਸਬਸਿਡੀ ਹਟਾਉਣ ਅਤੇ ਬਿਜਲੀ ਦੇ ਨਿੱਜੀਕਰਨ ਨਾਲ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਇਹ ਸਮਝੌਤਾ ਕਿਸਾਨਾਂ ਲਈ ਮੌਤ ਦੇ ਵਾਰੰਟ ਤੇ ਦਸਤਖ਼ਤ ਕਰਨ ਵਰਗਾ ਹੈ। ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਮੁਲਕਾਂ ਦੇ ਦਬਾਅ ਹੇਠ ਦੇਸ਼ ਦੇ ਗਰੀਬ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਛੋਟੇ ਸੰਨਤਕਾਰਾਂ ਨੂੰ ਤਬਾਹ ਕਰਨ ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦਾ ਇਹ ਰੋਸ ਪ੍ਰਦਰਸ਼ਨ ਆਉਣ ਵਾਲੇ ਵੱਡੇ ਸੰਘਰਸ਼ ਦੀ ਇੱਕ ਛੋਟੀ ਝਲਕ ਹੈ। ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਿਸਾਨ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਅਤੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਸਮੇਂ ’ਚ ਦਿੱਲੀ ਮੋਰਚੇ ਤੋਂ ਵੀ ਵੱਡਾ ਅਤੇ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ।