- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਕਰਮਚਾਰੀਆਂ ਦੀ ਹੜ੍ਹਤਾਲ ਲਗਾਤਾਰ ਜਾਰੀ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਇਸ ਸਮੇਂ ਭਿਆਨਕ ਸਫ਼ਾਈ ਸੰਕਟ ਨਾਲ ਜੂਝ ਰਹੇ ਹਨ। ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਕਰੀਬ 200 ਸਫ਼ਾਈ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਲਗਾਤਾਰ ਜਾਰੀ ਹੈ। ਕਰਮਚਾਰੀਆਂ ਦੇ ਕੰਮ ਬੰਦ ਕਰਨ ਨਾਲ ਪੂਰੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਗੜ ਚੁੱਕੀ ਹੈ ਤੇ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਹੜਤਾਲ ਕਾਰਨ ਸ਼ਹਿਰ ਦੇ ਸਾਰੇ 31 ਵਾਰਡਾਂ ’ਚ ਡੋਰ-ਟੂ-ਡੋਰ ਕੂੜਾ ਚੁੱਕਣ ਦੀ ਪ੍ਰਕਿਰਿਆ ਠੱਪ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਸ਼ੇਰ ਸਿੰਘ ਚੌਂਕ ਦਾ ਮੁੱਖ ਡੰਪ ਤੇ ਪੁਰਾਣੀ ਮੰਡੀ ਨੇੜਲਾ ਡੰਪ ਨੱਕੋ-ਨੱਕ ਭਰਨ ਤੋਂ ਬਾਅਦ ਹੁਣ ਕੂੜਾ ਸੜਕਾਂ ’ਤੇ ਆ ਗਿਆ ਹੈ। ਰੇਲਵੇ ਰੋਡ, ਗੋਨਿਆਣਾ ਰੋਡ, ਅਬੋਹਰ ਰੋਡ ਤੇ ਜਲਾਲਾਬਾਦ ਰੋਡ ਸਮੇਤ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਗਲੀਆਂ-ਮੁਹੱਲਿਆਂ ’ਚ ਗੰਦਗੀ ਦੇ ਢੇਰ ਲੱਗ ਚੁੱਕੇ ਹਨ। ਜੇਕਰ ਜਲਦ ਇਸ ਮਸਲੇ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਦੇ ਹਾਲਾਤ ਬੇਕਾਬੂ ਹੋ ਸਕਦੇ ਹਨ ਤੇ ਮਹਾਮਾਰੀ ਫੈਲ ਸਕਦੀ ਹੈ।
ਬਦਬੂ ਕਾਰਨ ਲੋਕਾਂ ਦਾ ਜਿਉਣਾ ਦੁੱਭਰ
ਕੂੜੇ ’ਚੋਂ ਉੱਠ ਰਹੀ ਬਦਬੂ ਤੇ ਮੱਛਰਾਂ-ਮੱਖੀਆਂ ਦੀ ਭਰਮਾਰ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਗਲੀਆਂ ’ਚ ਸੀਵਰੇਜ ਜਾਮ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਝੱਲ ਰਹੇ ਹਾਂ ਤੇ ਹੁਣ ਇਸ ਗੰਦਗੀ ਨੇ ਮਹਾਮਾਰੀ ਦਾ ਖ਼ਤਰਾ ਵਧਾ ਦਿੱਤਾ ਹੈ।
ਸਰਕਾਰ ਨੂੰ ਜਲਦ ਮਸਲੇ ਦਾ ਹੱਲ ਕਰਨਾ ਚਾਹੀਦਾ : ਦਵਿੰਦਰ ਗਾਂਧੀ
ਬਾਬਾ ਸ਼ਨੀ ਦੇਵ ਸੇਵਾ ਸੋਸਾਇਟੀ ਦੇ ਪ੍ਰਧਾਨ ਤੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦਵਿੰਦਰ ਗਾਂਧੀ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਹਰ ਕੋਨੇ ’ਚ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ। ਗਾਂਧੀ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਦੇ ਨਤੀਜੇ ਵਜੋਂ ਹਰ ਪਾਸੇ ਕੂੜਾ ਖਿੱਲਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੂੰ ਇਸ ਗੰਭੀਰ ਮੁੱਦੇ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਦੁਕਾਨਦਾਰਾਂ ਦਾ ਦੁਕਾਨਾਂ ’ਤੇ ਬੈਠਣਾ ਹੋਇਆ ਮੁਸ਼ਕਲ : ਬੇਰਵਾਲ
ਦੁਕਾਨਦਾਰ ਕਿਸ਼ੋਰ ਕੁਮਾਰ ਬੇਰਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਦੀ ਹਾਲਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਦੇ ਮੁੱਖ ਬਾਜ਼ਾਰ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਆਪਣਾ ਗੁੱਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਪੂਰੇ ਸ਼ਹਿਰ ’ਚ ਗੰਦਗੀ ਫੈਲ ਗਈ ਹੈ। ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਟੁੱਟਣ ਕਾਰਨ ਹੁਣ ਦੁਕਾਨਦਾਰਾਂ ਲਈ ਆਪਣੀਆਂ ਦੁਕਾਨਾਂ 'ਤੇ ਬੈਠਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਹੜਤਾਲ ਰਹੇਗੀ ਜਾਰੀ : ਵਿਜੇ ਕੁਮਾਰ
ਦੂਜੇ ਪਾਸੇ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ, ਵਾਇਸ ਪ੍ਰਧਾਨ ਵਿਸ਼ਾਲ ਕੁਮਾਰ ਤੇ ਜਨਰਲ ਸੈਕਟਰੀ ਸੁਨੀਲ ਕੁਮਾਰ ਨੇ ਕਿਹਾ ਕਿ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਹੋਰ ਸਹੂਲਤਾਂ ਦੇਣ ਵਰਗੇ ਮੁੱਦੇ ਲੰਬੇ ਸਮੇਂ ਤੋਂ ਸਰਕਾਰ ਕੋਲ ਲਮਕ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਤੇ ਲਿਖਤੀ ਫ਼ੈਸਲਾ ਨਹੀਂ ਲੈਂਦੀ ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਅਫਸਰਸ਼ਾਹੀ ਤੇ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਕਿਹਾ ਸੀ ਕਿ ਜਲਦ ਹੀ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਜਦੋਂ ਨਗਰ ਕੌਂਸਲ ਚੋਣਾਂ ਹੋ ਗਈਆਂ ਤਾਂ ਕੋਈ ਸੁਣਵਾਈ ਨਹੀਂ ਹੋਈ।