ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਸਫ਼ਾਈ ਵਿਵਸਥਾ ਲੜਖੜਾਈ
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ
Publish Date: Sat, 09 May 2026 06:06 PM (IST)
Updated Date: Sat, 09 May 2026 06:08 PM (IST)

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਅਣਦੇਖੀ ਦੇ ਵਿਰੋਧ ’ਚ ਸਫਾਈ ਸੇਵਕ ਯੂਨੀਅਨ ਨੇ ਸੂਬਾ ਪੱਧਰੀ ਹੜਤਾਲ ਸ਼ੁਰੂ ਕੀਤੀ ਹੈ ਜਿਸ ਨਾਲ ਅੰਤ ਤੱਕ ਲੜਾਈ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੇ ਚੌਥੇ ਦਿਨ, ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਮੁਕਤਸਰ ’ਚ ਲਗਭਗ 50 ਟਨ ਕੂੜਾ ਇਕੱਠਾ ਹੋ ਰਿਹਾ ਹੈ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ, ਬਾਜ਼ਾਰਾਂ ਤੇ ਡੰਪਾਂ ’ਚ ਕੂੜਾ ਖਿਲਰਿਆ ਹੋਇਆ ਹੈ। ਮਲੋਟ ਰੋਡ, ਰੇਲਵੇ ਰੋਡ, ਗੋਨਿਆਣਾ ਰੋਡ ਤੇ ਅਬੋਹਰ ਰੋਡ ਸਮੇਤ ਕਈ ਥਾਵਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਸਫਾਈ ਦੀ ਸਥਿਤੀ ਵਿਗੜ ਗਈ ਹੈ। ਜ਼ਿਲ੍ਹਾ ਆਗੂਆਂ ਵਿਜੇ ਕੁਮਾਰ, ਮੰਗਤ ਰਾਮ, ਸੁਰੇਸ਼ ਕੁਮਾਰ, ਵਿਸ਼ਾਲ ਤੇ ਰਾਜ ਕੁਮਾਰ ਸਮੇਤ ਹੋਰਨਾਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਲੜ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਫਾਈ ਕਰਮਚਾਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ ਤੇ ਨਿਯਮਤ ਕਰਨ, ਤਨਖਾਹ ਵਧਾਉਣ ਤੇ ਸੁਰੱਖਿਆ ਉਪਕਰਣਾਂ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਜਲਦੀ ਹੀ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੇਗੀ।