ਭਾਕਿਯੂ ਏਕਤਾ ਉਗਰਾਹਾਂ ਦੇ ਵਰਕਰਾਂ ਤੇ ਆਗੂਆਂ ’ਤੇ ਜਬਰ ਦੀ ਨਿਖੇਧੀ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਕਿਯੂ ਏਕਤਾ ਉਗਰਾਹਾਂ ਦੇ ਵਰਕਰਾਂ ਅਤੇ ਆਗੂਆਂ ’ਤੇ ਜਬਰ ਦੀ ਨਿਖੇਧੀ
Publish Date: Fri, 06 Feb 2026 06:33 PM (IST)
Updated Date: Fri, 06 Feb 2026 06:35 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਬਰ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਬੀਕੇਯੂ ਰਾਜੇਵਾਲ ਦੇ ਜਿਲਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਲੱਖੋਵਾਲ ( ਟਿਕੈਤ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਲੰਬੀ ਢਾਬ, ਬੀਕੇਯੂ ਡਕੌਂਦਾ (ਬੁਰਜ ਗਿਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਬੀਕੇਯੂ ਮਾਲਵਾ ਦੇ ਜਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਅਸਪਾਂਲਾ, ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲੱਖਾ ਸਿੰਘ ਆਲਮਵਾਲਾ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਚਾਓਕੇ ਸਕੂਲ ਦੇ ਮਸਲੇ ’ਚ ਬੀਕੇਯੂ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਾਜਾਇਜ਼ ਤੌਰ ’ਤੇ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ। ਬੀਕੇਯੂ ਉਗਰਾਹਾਂ ਜਥੇਬੰਦੀ ਵੱਲੋਂ ਉਨ੍ਹਾਂ ਦੀ ਰਿਹਾਈ ਵਾਸਤੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ ਜਿਸ ਕਾਰਨ ਰਾਤ ਨੂੰ ਹੀ ਉਨਾਂ ਦੇ ਬਹੁਤ ਸਾਰੇ ਆਗੂ ਗ੍ਰਿਫ਼ਤਾਰ ਕਰ ਲਏ ਹਨ। ਅੱਜ ਵੱਖ-ਵੱਖ ਥਾਵਾਂ ਤੋਂ ਬਠਿੰਡਾ ਵੱਲ ਵੱਧ ਰਹੇ ਕਿਸਾਨ ਕਾਫਲਿਆਂ ਤੇ ਲਾਠੀ ਚਾਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਉਨਾਂ ਨੂੰ ਸੜਕਾਂ ਤੇ ਘੇਰ ਕੇ ਬਠਿੰਡਾ ਪਹੁੰਚਣ ਤੋਂ ਰੋਕਿਆ ਗਿਆ ਹੈ ਜਿਸ ਨਾਲ ਸੜਕਾਂ ਤੇ ਜਾਮ ਵਰਗੀ ਸਥਿਤੀ ਬਣ ਗਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਜਿਲਾ ਸ੍ਰੀ ਮੁਕਤਸਰ ਸਾਹਿਬ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ। ਜੇਕਰ ਕਿਸਾਨਾਂ ਤੇ ਜਬਰ ਬੰਦ ਕਰਕੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਯੁਕਤ ਕਿਸਾਨ ਮੋਰਚਾ ਪੂਰੀ ਤਾਕਤ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਦਦ ਕਰੇਗਾ।