ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਦੂਜਾ ਦਿਨ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਦੂਜਾ ਦਿਨ
Publish Date: Thu, 22 Oct 2026 06:21 PM (IST)
Updated Date: Fri, 23 Oct 2026 04:04 AM (IST)
-ਮੁਕਤਸਰ ਡਿੱਪੂ ਦਾ ਕੰਮ ਕਾਜ ਠੱਪ, ਯਾਤਰੀ ਪ੍ਰੇਸ਼ਾਨ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਵਿਆਪੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਹੜਤਾਲ ਕਾਰਨ ਮੁਕਤਸਰ ਡਿੱਪੂ ਤੋਂ ਸਰਕਾਰੀ ਬੱਸਾਂ ਦਾ ਪੂਰੀ ਤਰ੍ਹਾਂ ਚੱਕਾ ਜਾਮ ਰਿਹਾ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਦੇ ਆਗੂਆਂ ਮੁਤਾਬਕ ਹੜਤਾਲ ਦੇ ਚੱਲਦਿਆਂ ਮੁਕਤਸਰ ਡਿੱਪੂ ਦੇ ਕਰੀਬ 120 ਬੱਸ ਰੂਟ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਸਰਕਾਰੀ ਬੱਸਾਂ ਨਾ ਚੱਲਣ ਕਾਰਨ ਵਿਭਾਗ ਨੂੰ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਲਗਭਗ 16 ਤੋਂ 18 ਲੱਖ ਰੁਪਏ ਤੱਕ ਦਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਯੂਨੀਅਨ ਆਗੂਆਂ ਕਮਲ ਸਿੰਘ ਅਤੇ ਡਿੱਪੂ ਪ੍ਰਧਾਨ ਜਗਸੀਰ ਸਿੰਘ ਮਾਨਕ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੁੰਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਤੌਰ ’ਤੇ ਕੰਮ ਕਰ ਰਹੇ ਸਮੂਹ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਤੁਰੰਤ ਪੱਕਾ (ਰੈਗੂਲਰ) ਕੀਤਾ ਜਾਵੇ। ਸੰਘਰਸ਼ ਦੌਰਾਨ ਮੁਲਾਜ਼ਮਾਂ ਤੇ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਅਤੇ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ। ਪੰਜਾਬ ਰੋਡਵੇਜ਼ ਦੇ ਪ੍ਰਾਈਵੇਟਾਈਜ਼ੇਸ਼ਨ ਨੂੰ ਰੋਕਿਆ ਜਾਵੇ ਅਤੇ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਪਾਉਣ ਦਾ ਫ਼ੈਸਲਾ ਵਾਪਸ ਲਿਆ ਜਾਵੇ। ਪੰਜਾਬ ਦੀ ਵਧਦੀ ਆਬਾਦੀ ਨੂੰ ਦੇਖਦਿਆਂ ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ ਘੱਟੋ-ਘੱਟ 10,000 ਕੀਤੀ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। -ਬੱਸ ਸਟੈਂਡ ਤੇ ਯਾਤਰੀਆਂ ਦਾ ਜਮਘਟ ਅਤੇ ਖੱਜਲ-ਖੁਆਰੀ- ਸਰਕਾਰੀ ਬੱਸਾਂ ਦਾ ਪਹੀਆ ਰੁਕਣ ਕਾਰਨ ਸਵੇਰ ਤੋਂ ਹੀ ਬੱਸ ਸਟੈਂਡ ਤੇ ਯਾਤਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਸਭ ਤੋਂ ਵੱਡੀ ਪ੍ਰੇਸ਼ਾਨੀ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਆਈ। ਔਰਤਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ-ਦੋ ਘੰਟੇ ਤੋਂ ਖੱਜਲ ਹੋ ਰਹੀਆਂ ਹਨ। ਵੱਖ ਵੱਖ ਔਰਤਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਨੂੰ ਹੜਤਾਲ ਤੋਂ ਪਹਿਲਾਂ ਹੀ ਕੋਈ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸਨ ਤਾਂ ਜੋ ਆਮ ਜਨਤਾ ਨੂੰ ਇਸ ਤਰ੍ਹਾਂ ਸੜਕਾਂ ਤੇ ਪ੍ਰੇਸ਼ਾਨ ਨਾ ਹੋਣਾ ਪੈਂਦਾ।