ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ
ਸ੍ਰੀ ਗੁਰੂ ਅੰਗਦ ਦੇਵ ਜੀ ਦੇ 522ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ
Publish Date: Mon, 30 Mar 2026 04:15 PM (IST)
Updated Date: Mon, 30 Mar 2026 04:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਸ੍ਰੀ ਗੁਰੂ ਅੰਗਦ ਦੇਵ ਜੀ ਦੇ 522ਵੇਂ ਪਾਵਨ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਗਿਆਨੀ ਨਿਸ਼ਾਨ ਸਿੰਘ ਅਸਟ੍ਰੇਲੀਆ ਨੇ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਅੰਗਦ ਦੇਵ ਜੀ ਦੇ ਬਚਪਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸਤੋਂ ਇਲਾਵਾ ਉਨ੍ਹਾਂ ਨੇ ਭਾਈ ਸੀਂਹਾਂ ਸਿੰਘ ਜੀ ਦੇ ਪ੍ਰਸੰਗ ਦਾ ਵੀ ਵਿਸਥਾਰਪੂਰਵਕ ਵਰਣਨ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ ‘ਭਾਈ ਲਹਿਣਾ ਜੀ’ ਸੀ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਆਪਣੇ ਅੰਗ ਲਗਾ ਕੇ ਭਾਈ ਲਹਿਣਾ ਤੋਂ ‘ਗੁਰੂ ਅੰਗਦ’ ਦੀ ਉਪਾਧੀ ਬਖ਼ਸ਼ੀ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਗੁਰੂ ਗ੍ਰੰਥ ਸਾਹਿਬ ਤੋਂ ਸਿੱਖਿਆ ਲੈ ਕੇ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਸੰਦੇਸ਼ ਦਿੱਤਾ ਸੀ ਤੇ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਵੀਸ਼ਰ ਗਿਆਨੀ ਸੁਲੱਖਣ ਸਿੰਘ ਰਿਆੜ ਨੇ ਵੀ ਕਵੀਸ਼ਰੀ ਰਾਹੀਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਬਾਬਾ ਜਰਮਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਵੱਲੋਂ ਪਹੁੰਚੇ ਹੋਏ ਰਾਗੀ-ਢਾਡੀ ਅਤੇ ਕਵੀਸ਼ਰੀ ਜਥਿਆਂ ਦਾ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।