ਮੰਡੀਆਂ ’ਚ 9,46,404.65 ਮੀਟਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9,46,404.65 ਮੀਟਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ
Publish Date: Fri, 20 Nov 2026 04:22 PM (IST)
Updated Date: Sat, 21 Nov 2026 04:01 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ’ਚ ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 9,46,404.65 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 9,24,008.03 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਤੇ 7,44,325.37 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।