ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਨਿੱਤਰੇ ਸਮਾਜ ਸੇਵੀ ਡਾ. ਗਿੱਲ
ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਨਿੱਤਰੇ ਸਮਾਜ ਸੇਵੀ ਡਾ. ਸੁਖਦੇਵ ਸਿੰਘ ਗਿੱਲ ਨੇ ਚਰਨ ਛੂਹ ਕੇ ਸੰਘਰਸ਼ ਨੂੰ ਕੀਤਾ ਸਲਾਮ
Publish Date: Sun, 17 May 2026 05:39 PM (IST)
Updated Date: Sun, 17 May 2026 05:39 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਕਰੀਬ ਦੋ ਹਫ਼ਤਿਆਂ ਦਾ ਸਮਾਂ ਬੀਤ ਚੁੱਕਾ ਹੈ, ਜਿਸ ਕਾਰਨ ਮਲੋਟ ਸ਼ਹਿਰ ਹੀ ਨਹੀਂ ਸਗੋਂ ਸਮੁੱਚੇ ਪੰਜਾਬ ’ਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਸ਼ਹਿਰਾਂ ’ਚ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਲੱਗਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਫਾਈ ਕਰਮਚਾਰੀਆਂ ਦੀ ਇਸ ਹੜਤਾਲ ਦੇ ਸਮਰਥਨ ਲਈ ਅੱਜ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਦੇ ਚਰਨ ਛੂਹ ਕੇ ਉਨ੍ਹਾਂ ਦੇ ਸੰਘਰਸ਼ ਨੂੰ ਸਲਾਮ ਕੀਤਾ। ਡਾ. ਗਿੱਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਇਨ੍ਹਾਂ ਤੋਂ ਬਿਨਾਂ ਕੋਈ ਵੀ ਰਾਜ, ਦੇਸ਼ ਜਾਂ ਸ਼ਹਿਰ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮਾਜ ਸੇਵੀ ਵੀ ਸਫਾਈ ਕਰਮਚਾਰੀਆਂ ਦੇ ਨਾਲ ਧਰਨੇ ਵਿੱਚ ਬੈਠਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਦਿਨ-ਰਾਤ ਮਿਹਨਤ ਕਰਕੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਦੇ ਹਨ ਪਰ ਅੱਜ ਉਹਨਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ ‘ਤੇ ਬੈਠਣਾ ਪੈ ਰਿਹਾ ਹੈ, ਜੋ ਕਿ ਦੁੱਖਦਾਈ ਗੱਲ ਹੈ। ਇਸ ਮੌਕੇ ਸਰੂਪ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਵਾਲੀਆ ਪ੍ਰਧਾਨ, ਦੇਸ ਰਾਜ ਸਿੰਘ, ਪਵਨ ਨੰਬਰਦਾਰ ਤੋਂ ਇਲਾਵਾ ਸਫਾਈ ਸੇਵਕ ਯੂਨੀਅਨ ਮਲੋਟ ਦੇ ਸਰਪ੍ਰਸਤ ਰਾਜ ਕੁਮਾਰ ਢਿੱਕਾ, ਪ੍ਰਦੀਪ ਕੁਮਾਰ ਕਾਂਗੜਾ, ਪ੍ਰਧਾਨ ਬਲਵੰਤ ਬੇਦੀ ਅਤੇ ਜਨਰਲ ਸਕੱਤਰ ਸੂਰਜ ਕੁਮਾਰ ਵੀ ਹਾਜ਼ਰ ਸਨ।