ਅਧਿਆਪਕ ਦਿਵਸ ਮੌਕੇ ਸਪੈਸ਼ਲ ਕੇਡਰ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਗਟਾਇਆ ਰੋਸ ਅਧਿਆਪਕ ਦਿਵਸ ਮੌਕੇ ਸਪੈਸ਼ਲ ਕੇਡਰ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ
Publish Date: Sat, 05 Sep 2026 05:19 PM (IST)
Updated Date: Sat, 05 Sep 2026 05:22 PM (IST)
ਵਰਿੰਦਰ ਬੱਬੂ. ਪੰਜਾਬੀ ਜਾਗਰਣ ਲੰਬੀ : ਅਧਿਆਪਕ ਦਿਵਸ ਮੌਕੇ ਸਪੈਸ਼ਲ ਕੇਡਰ ਅਧਿਆਪਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਤੇ ਇਸ ਦਿਨ ਨੂੰ ਰੋਸ ਦਿਵਸ ਵਜੋਂ ਮਨਾਇਆ। ਇਸ ਦੌਰਾਨ ਅਧਿਆਪਕਾਂ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਅੱਗੇ ਆਪਣਾ ਰੋਸ ਦਰਜ ਕਰਵਾਇਆ। ਅਧਿਆਪਕਾਂ ਦੀਆਂ ਮੁੱਖ ਮੰਗਾਂ ’ਚ ਪੇਅ ਸਕੇਲ ਤੇ ਸੀਐਸਆਰ ਰੂਲ ਲਾਗੂ ਕਰਨਾ ਸ਼ਾਮਲ ਹੈ। ਅਧਿਆਪਕਾਂ ਨੇ ਮੰਗ ਕੀਤੀ ਕਿ ਸਪੈਸ਼ਲ ਕੇਡਰ ਅਧਿਆਪਕਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕੀਤਾ ਜਾਵੇ। ਸਪੈਸ਼ਲ ਕੇਡਰ ਅਧਿਆਪਕਾਂ ਦੀ ਬਲਾਕ ਪ੍ਰਧਾਨ ਲੰਬੀ ਰਾਜਬੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਧਰਨੇ ’ਚ ਖੁਦ ਪਹੁੰਚ ਕੇ ਵਾਅਦਾ ਕੀਤਾ ਸੀ ਕਿ ਸਪੈਸ਼ਲ ਕੇਡਰ ਅਧਿਆਪਕਾਂ ਨੂੰ ਸਾਰੇ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਪੈਸ਼ਲ ਕੇਡਰ ਅਧਿਆਪਕ ਲੰਬੇ ਸਮੇਂ ਤੋਂ ਪੇਅ ਸਕੇਲ ਤੇ ਸੀਐਸਆਰ ਰੂਲ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਰਾਜਬੀਰ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕੇਡਰ ਅਧਿਆਪਕਾਂ ਨੂੰ ਪੱਕਾ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਉਨ੍ਹਾਂ ਅਨੁਸਾਰ ਅਧਿਆਪਕਾਂ ਨੂੰ ਅਜੇ ਤੱਕ ਆਪਣੇ ਬਣਦੇ ਹੱਕ ਤੇ ਸਹੂਲਤਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਮੁਲਾਜ਼ਮ ਵਰਗ ਦਾ ਵੱਡਾ ਯੋਗਦਾਨ ਰਿਹਾ ਹੈ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਪੈਸ਼ਲ ਕੇਡਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਇਸ ਦਾ ਸਿਆਸੀ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ।