ਵੋਟਾਂ ਬਣਾਉਣ ਲਈ ਸਕੂਲਾਂ ਤੇ ਕਾਲਜਾਂ ’ਚ ਲਗਾਏ ਕੈਂਪ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ’ਚ ਲਗਾਏ ਗਏ ਵਿਸ਼ੇਸ਼ ਕੈਂਪ
Publish Date: Sat, 28 Nov 2026 04:59 PM (IST)
Updated Date: Sat, 28 Nov 2026 05:01 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਅਤੇ ਕਾਲਜਾਂ ’ਚ ਅੱਜ 18 ਸਾਲ ਜਾਂ ਇਸਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਕੋਈ ਵੀ ਯੋਗ ਵਿਦਿਆਰਥੀ ਆਪਣਾ ਨਾਮ ਵੋਟਰ ਸੂਚੀ ’ਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਿਆ ਜਾ ਸਕੇ। ਇਹ ਕੈਂਪ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲਗਾਏ ਗਏ। ਕੈਂਪਾਂ ਸੰਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕੰਚਨ ਦੀ ਰਹਿਨੁਮਾਈ ਹੇਠ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਕੈਂਪਾਂ ਦਾ ਸਫ਼ਲ ਆਯੋਜਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ ਦੀ ਦੇਖ਼ ਰੇਖ ਹੇਠ ਕੀਤਾ ਗਿਆ। ਅੱਜ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ’ਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਇਲੈਕਟੋਰਲ ਲਿਟਰੇਸੀ ਕਲੱਬ (ਈਐਲਸੀ) ਦੇ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੇ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰਵਾਏ ਗਏ ਅਤੇ ਉਨ੍ਹਾਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਜਨਮ ਸਰਟੀਫਿਕੇਟ ਜਾਂ ਦਸਵੀਂ ਜਮਾਤ ਦਾ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਪਾਸਬੁੱਕ, ਮਾਤਾ-ਪਿਤਾ ਦਾ ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਵਰਗੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣੇ ਚਾਹੀਦੇ ਹਨ। ਇਸਤੋਂ ਇਲਾਵਾ ਫਾਰਮ ਨੰਬਰ 6 ਭਰਨ ਦੀ ਪ੍ਰਕਿਰਿਆ ਅਤੇ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸੇ ਲੜੀ ਤਹਿਤ ਜ਼ਿਲ੍ਹਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵੀ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਕੂਲ ’ਚ ਚੱਲ ਰਹੀ ਪੀਐੱਮ ਸ੍ਰੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਸਵੀਪ ਟੀਮ ਵੱਲੋਂ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਹਰ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ’ਚ ਦਰਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ, ਰੂੜ ਸਿੰਘ, ਲਖਵੀਰ ਸਿੰਘ, ਅਮਰਦੀਪ ਸਿੰਘ, ਸੰਜੀਵ ਭੱਟੀ, ਸਾਹਿਲ ਸਰਦਾਨਾ ਅਤੇ ਸੁਮਿਤ ਸਲੂਜਾ ਸਮੇਤ ਜਸਵਿੰਦਰ ਪਾਲ ਸ਼ਰਮਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮੂਹ ਟੀਮ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ।