ਐਸਐਸਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਐਸਐਸਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ
Publish Date: Thu, 10 Sep 2026 05:07 PM (IST)
Updated Date: Fri, 11 Sep 2026 04:05 AM (IST)
ਮਾਰਕੀਟਾਂ ਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸਖ਼ਤ ਨਿਗਰਾਨੀ ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਐੱਸਐੱਸਪੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ’ਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ, ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਸ਼ੱਕੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਮੰਤਵ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿੱਚ ਚਲਾਈ ਗਈ। ਇਸ ਦੌਰਾਨ ਪੁਲਿਸ ਵੱਲੋਂ ਮਾਲਜ਼, ਮਾਰਕੀਟਾਂ, ਵਧੇਰੇ ਆਵਾਜਾਈ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਤੇ ਹੋਰ ਭੀੜ-ਭਾੜ ਵਾਲੀਆਂ ਜਨਤਕ ਥਾਵਾਂ ’ਤੇ ਵਿਸ਼ੇਸ਼ ਚੌਕਸੀ ਤੇ ਅਚਨਚੇਤ ਚੈਕਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਛਾਣ ਤੇ ਤਸਦੀਕ ਕੀਤੀ ਗਈ। ਇਸੇ ਤਰ੍ਹਾਂ ਲੰਬੇ ਸਮੇਂ ਤੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਪਾਰਕਿੰਗ ਸਥਾਨਾਂ ’ਤੇ ਖੜ੍ਹੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਹੋਰ ਵੇਰਵਿਆਂ ਦੀ ਤਸਦੀਕ ਲਈ ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਵਾਹਨ ਚੋਰੀ, ਮੋਬਾਈਲ ਖੋਹਣ/ਝਪਟਮਾਰੀ, ਜੇਬ ਕਤਰੀ ਆਦਿ ਅਪਰਾਧਾਂ ਦੀ ਰੋਕਥਾਮ, ਸ਼ੱਕੀ ਵਾਹਨਾਂ ਅਤੇ ਜਾਅਲੀ/ਨਕਲੀ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਜਾਂਚ, ਮਾਰਕੀਟਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਸ਼ਰਾਰਤੀ ਅਨਸਰਾਂ ’ਤੇ ਨਿਗਰਾਨੀ ਰੱਖਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਰਿਹਾ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਅਸ਼ੋਕ ਮੀਨਾ ਐਸਪੀ. (ਡੀ.), ਦੀ ਨਿਗਰਾਨੀ ਹੇਠ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਦੌਰਾਨ ਬਚਨ ਸਿੰਘ ਡੀਐੱਸਪੀ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀਐੱਸਪੀ ਮਲੋਟ, ਜਤਿੰਦਰ ਸਿੰਘ ਡੀਐੱਸਪੀ ਗਿੱਦੜਬਾਹਾ, ਹਰਬੰਸ ਸਿੰਘ ਡੀਐੱਸਪੀ ਲੰਬੀ ਦੀ ਅਗਵਾਈ/ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਚੈਕਿੰਗ ਤੇ ਨਿਗਰਾਨੀ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਇਸ ਮੁਹਿੰਮ ’ਚ ਤਾਇਨਾਤ ਕੀਤੇ ਗਏ। ਇਨ੍ਹਾਂ ਟੀਮਾਂ ਵੱਲੋਂ ਮਾਲਜ਼, ਮਾਰਕੀਟਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਤੇ ਹੋਰ ਜਨਤਕ ਥਾਵਾਂ ’ਤੇ ਲਗਾਤਾਰ ਚੌਕਸੀ ਰੱਖੀ ਗਈ।