- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਕਾਸੋ ਸਰਚ ਅਭਿਆਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਬੀਤੀ ਸ਼ਾਮ ਤੋਂ ਰਾਤ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਬੰਧਤ ਡੀਐਸਪੀਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਲਗਾਤਾਰ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਹਿਚਾਣ ਅਤੇ ਅਪਰਾਧਿਕ ਰਿਕਾਰਡ ਦੀ ਵੈਰੀਫਿਕੇਸ਼ਨ ਕੀਤੀ ਗਈ। ਪੀਏਆਈਐਸ ਐਪ ਰਾਹੀਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ, ਜਦਕਿ ਸ਼ੱਕੀ ਵਾਹਨਾਂ ਦੀ ਵਾਹਨ ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ। ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਅਭਿਆਨ ’ਚ 350 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਵੱਖ-ਵੱਖ ਟੀਮਾਂ ’ਚ ਸ਼ਾਮਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਸਰਚ, ਚੈਕਿੰਗ ਅਤੇ ਵੈਰੀਫਿਕੇਸ਼ਨ ਕੀਤੀ ਗਈ। ਇਸ ਅਭਿਆਨ ਦੀ ਨਿਗਰਾਨੀ ਗੁਰਿੰਦਰਜੀਤ ਸਿੰਘ ਐਸਪੀ (ਐਚ), ਮਹੇਸ਼ ਕੁਮਾਰ ਸੈਣੀ ਐਸਪੀ ਆਪਰੇਸ਼ਨ, ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀਐਸਪੀ ਮਲੋਟ, ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ ਡੀਐਸਪੀ ਲੰਬੀ ਅਤੇ ਜੋਰਾ ਸਿੰਘ ਡੀਐਸਪੀ (ਐਚ) ਸਮੇਤ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਵੱਲੋਂ ਕੀਤੀ ਗਈ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਵੀ ਅਜਿਹੇ ਸਰਚ ਅਭਿਆਨ ਜਾਰੀ ਰਹਿਣਗੇ।