- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਐਨਜੇ ਡੀਏਵੀ ਸਕੂਲ ਗਿੱਦੜਬਾਹਾ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਜੇਐੱਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਸਕੂਲ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ’ਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਏ। ਸਮਾਗਮ ਦੌਰਾਨ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ ਅਤੇ ਪੰਜਾਬੀਅਤ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੀ ਮਹਾਨਤਾ ਬਾਰੇ ਚਾਨਣਾ ਪਾਉਂਦਿਆਂ ਇਸ ਨੂੰ ਸੰਭਾਲਣ ਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨਾ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੈ। ਮਾਂ ਬੋਲੀ ਕਿਸੇ ਵੀ ਵਿਅਕਤੀ ਦੀ ਪਛਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ। ਆਪਣੀ ਭਾਸ਼ਾ ਦਾ ਸਤਿਕਾਰ ਕਰਨਾ ਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।ਇਸ ਭਾਸ਼ਣ ਮੁਕਾਬਲੇ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਪੰਜਾਬੀ ਵਿਭਾਗ ਨਾਲ ਸਬੰਧਤ ਸਮੂਹ ਅਧਿਆਪਕਾਂ ਨੇ ਬਹੁਤ ਹੀ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਮੁਕਾਬਲੇ ’ਚ ਤਰਨਪ੍ਰੀਤ ਕੌਰ 12ਵੀਂ ਜਮਾਤ ਨੇ ਪਹਿਲਾ ਸਥਾਨ, ਜੈਸ਼ਮੀਨ ਸ਼ਰਮਾ 11ਵੀਂ ਜਮਾਤ ਨੇ ਦੂਜਾ ਸਥਾਨ ਅਤੇ ਕੋਮਲਪ੍ਰੀਤ ਕੌਰ 11ਵੀਂ ਜਮਾਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੀ ਅਮੀਰ ਵਿਰਾਸਤ ਨੂੰ ਸੰਭਾਲਣ, ਇਸ ਦਾ ਸਤਿਕਾਰ ਕਰਨ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪ੍ਰੇਰਿਆ।