‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 26 ਦਿਨਾਂ ’ਚ 127 ਮੁਕਦਮੇ ਦਰਜ, 187 ਮੁਲਜ਼ਮ ਕਾਬੂ
ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ
Publish Date: Sat, 11 Apr 2026 05:19 PM (IST)
Updated Date: Sat, 11 Apr 2026 05:20 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਦੀ ਦੇਖ-ਰੇਖ ਹੇਠ ਜਿੱਥੇ ਇੱਕ ਪਾਸੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ, ਸੁਦਾਗਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਗਿਰੋਹਾਂ ਵਿਰੁੱਧ ਲਗਾਤਾਰ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਘਰੇ ’ਚ ਲਿਆਂਦਾ ਜਾ ਰਿਹਾ ਹੈ। 15 ਮਾਰਚ ਤੋਂ ਅੱਜ ਤੱਕ (ਪਿੱਛਲੇ 26) ਦਿਨਾਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ 127 ਮੁਕਦਮੇ ਦਰਜ ਕਰਕੇ 187 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਹੈਰੋਇਨ 949 ਗ੍ਰਾਮ, ਅਫ਼ੀਮ 4.597 ਕਿਲੋਗ੍ਰਾਮ, ਪੋਸਤ 06 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ 30709, ਨਸ਼ੀਲੇ ਕੈਪਸ਼ੂਲ 44474 ਬਰਾਮਦ ਕੀਤੇ। ਇਸਤੋਂ ਇਲਾਵਾ ਡਰੱਗ ਮਨੀ 92700 ਰੁਪਏ ਬਰਾਮਦ ਕੀਤੀ। ਐਸਐਸਪੀ ਨੇ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਕਾਉਂਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਐਨਡੀਪੀਐਸ ਐਕਟ ਅਧੀਨ ਗੰਭੀਰ ਦੋਸ਼ਾਂ ’ਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ’ਚ ਲਿਆਈ ਜਾ ਰਹੀ ਹੈ। ਐਸਐਸਪੀ ਅਭਿਮੰਨਿਊ ਰਾਣਾ ਨੇ ਲੋਕਾਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਗੁਪਤ ਤਰੀਕੇ ਨਾਲ ਸਾਂਝੀ ਕੀਤੀ ਜਾਵੇ। ਪੁਲਿਸ ਹਰ ਸੂਚਨਾ ’ਤੇ ਗੰਭੀਰਤਾ ਨਾਲ ਕਾਰਵਾਈ ਕਰੇਗੀ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਅੱਗੇ ਵੀ ਅਜਿਹੀਆਂ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਜਾਰੀ ਰੱਖੇਗੀ।