- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅਦਾਲਤ ਦੁਆਰਾ ਭਗੌੜੇ ਕਰਾਰ ਦਿੱਤੇ 2 ਮੁਲਜ਼ਮ ਗ੍ਰਿਫ਼ਤਾਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀਓ) ਐਲਾਨੇ ਗਏ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਐਸਐਸਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਮਨੋਰਥ ਨਾਲ ਕੀਤੀ ਜਾ ਰਹੀ ਕਾਰਵਾਈ ਦੌਰਾਨ ਸਪੈਸ਼ਲ ਸਟਾਫ਼ ਦੀ ਟੀਮ ਨੇ 2 ਪੀਓ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮਹਿਮਾ ਸਵਾਈ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਦੋਵੇਂ ਮੁਲਜ਼ਮ ਥਾਣਾ ਸਿਟੀ ਮਲੋਟ ਵਿਖੇ ਦਰਜ ਮੁਕੱਦਮਾ ਨੰਬਰ 160 (ਮਿਤੀ 17.08.2019), ਅਧੀਨ ਧਾਰਾ 306 ਆਈ.ਪੀ.ਸੀ. ਦੇ ਮਾਮਲੇ ਵਿੱਚ ਲੋੜੀਂਦੇ ਸਨ ਅਤੇ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਸਪੈਸ਼ਲ ਸਟਾਫ਼ ਸ੍ਰੀ ਮੁਕਤਸਰ ਸਾਹਿਬ ਨੇ ਮੁਸਤੈਦੀ ਦਿਖਾਉਂਦੇ ਹੋਏ 09 ਸਤੰਬਰ, 2026 ਨੂੰ ਦੋਵਾਂ ਨੂੰ ਧਰ ਦਬੋਚਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪੁਲਿਸ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਅਤੇ ਅਦਾਲਤੀ ਭਗੌੜਿਆਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਆਉਣ ਵਾਲੇ ਦਿਨਾਂ ’ਚ ਵੀ ਨਿਰੰਤਰ ਜਾਰੀ ਰਹੇਗੀ।