5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਕਾਬੂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸੀਆਈਏ ਸਟਾਫ ਵੱਲੋਂ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਕਾਬੂ
Publish Date: Sun, 26 Jul 2026 05:25 PM (IST)
Updated Date: Sun, 26 Jul 2026 05:29 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈਪੀਐਸ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਨਸ਼ਾ ਤਸਕਰਾਂ, ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਮੀਤ ਸਿੰਘ ਢਿੱਲੋਂ, ਐਸਪੀ (ਡੀ) ਅਤੇ ਰਸ਼ਪਾਲ ਸਿੰਘ ਡੀਐਸਪੀ (ਡੀ) ਨੇ ਦੱਸਿਆ ਕਿ ਉਨ੍ਹਾਂ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ 5 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਪ੍ਰਾਪਤ ਹੋਈ ਗੁਪਤ ਸੂਚਨਾ ਦੇ ਆਧਾਰ ਤੇ ਮੁਕੱਦਮਾ ਨੰਬਰ 198 ਮਿਤੀ 24.07.2026 ਅਧੀਨ ਧਾਰਾ 303(2) ਬੀਐਨਐਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ। ਕਾਰਵਾਈ ਦੌਰਾਨ ਅਮਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੀਸੀਆਣਾ, ਜ਼ਿਲ੍ਹਾ ਬਠਿੰਡਾ ਅਤੇ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਦਨ ਲਾਲ ਮਾਰਕੀਟ, ਪਿੰਡ ਮੱਲਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਸਮੇਂ ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਹੋਰ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਵੱਲੋਂ ਕੁੱਲ 5 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ’ਚੋਂ ਮੋਟਰਸਾਈਕਲ ਚੋਰੀ ਕਰਕੇ ਇੱਕ ਥਾਂ ਇਕੱਠੇ ਕਰਦੇ ਸਨ ਅਤੇ ਬਾਅਦ ’ਚ ਉਨ੍ਹਾਂ ਨੂੰ ਵੇਚ ਦਿੰਦੇ ਸਨ। ਫੜ੍ਹ ਗਏ ਵਿਅਕਤੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਪੁਲਿਸ ਨੂੰ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ, ਵਾਹਨ ਚੋਰੀ, ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਪੂਰੀ ਸਖ਼ਤੀ ਨਾਲ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਤਰਜੀਹ ਹੈ।