15 ਅਗਸਤ ਦੇ ਮੱਦੇਨਜ਼ਰ ਪੁਲਿਸ ਵੱਲੋਂ ਰਾਤ ਭਰ ਨਾਈਟ ਡੋਮੀਨੇਸ਼ਨ ਮੁਹਿੰਮ 15 ਅਗਸਤ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਭਰ ਨਾਈਟ ਡੋਮੀਨੇਸ਼ਨ ਮੁਹਿੰਮ
Publish Date: Tue, 11 Aug 2026 05:28 PM (IST)
Updated Date: Tue, 11 Aug 2026 05:29 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : 15 ਅਗਸਤ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਪੰਜਾਬ ਸਰਕਾਰ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀਆਈਜੀ ਨਿਲਾਂਬਰੀ ਜਗਦਲੇ ਵਿਜੇ ਦੀਆਂ ਹਦਾਇਤਾਂ ਅਨੁਸਾਰ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੀ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਵੱਲੋਂ ਖੁਦ ਅਗਵਾਈ ਕੀਤੀ ਗਈ। ਐਸਐਸਪੀ ਵੱਲੋਂ ਪੂਰੀ ਰਾਤ ਮੈਦਾਨ ’ਚ ਰਹਿ ਕੇ ਵੱਖ-ਵੱਖ ਥਾਵਾਂ ਤੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਅਤੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਐਸਐਸਪੀ ਵੱਲੋਂ ਰਾਤ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਥਾਣਿਆਂ, ਪੁਲਿਸ ਚੌਂਕੀਆਂ, ਨਾਕਿਆਂ, ਮੁੱਖ ਰੂਟਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਟੀਮਾਂ ਦੀ ਚੈਕਿੰਗ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਦਾ ਜਾਇਜ਼ਾ ਲਿਆ ਗਿਆ। ਇਸਤੋਂ ਇਲਾਵਾ ਰਾਤ ਦੀ ਡਿਊਟੀ ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਅਤੇ ਹਰ ਸ਼ੱਕੀ ਗਤੀਵਿਧੀ ਤੇ ਨਜ਼ਰ ਰੱਖਣ ਲਈ ਹਦਾਇਤਾਂ ਦਿੱਤੀਆਂ ਗਈਆਂ। ਐਸਐਸਪੀ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਪਹੁੰਚ ਕੇ ਰਾਤ ਦੀ ਡਿਊਟੀ ਸਬੰਧੀ ਰਿਕਾਰਡ ਅਤੇ ਪੁਲਿਸ ਦੀ ਤਾਇਨਾਤੀ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਇਹ ਯਕੀਨੀ ਬਣਾਇਆ ਕਿ 15 ਅਗਸਤ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰ ਸੰਵੇਦਨਸ਼ੀਲ ਸਥਾਨ ਤੇ ਪੁਲਿਸ ਪੂਰੀ ਚੌਕਸੀ ਨਾਲ ਤਾਇਨਾਤ ਰਹੇ। ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਮੁੱਖ ਰੂਟਾਂ, ਚੌਂਕਾਂ, ਕਾਲੋਨੀਆਂ, ਬਾਜ਼ਾਰਾਂ ਅਤੇ ਵਧੇਰੇ ਆਵਾਜਾਈ ਵਾਲੇ ਸਥਾਨਾਂ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸ਼ੱਕੀ ਵਾਹਨਾਂ ਦੇ ਕਾਗਜ਼ਾਤ, ਡਰਾਈਵਿੰਗ ਲਾਇਸੈਂਸ, ਨੰਬਰ ਪਲੇਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ, ਮੋਡੀਫਾਈਡ ਸਿਲੈਂਸਰ ਜਾਂ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਅੰਤਰ-ਜ਼ਿਲ੍ਹਾ ਅਤੇ ਅੰਤਰ-ਰਾਜੀ ਰੂਟਾਂ ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਾਹਨ ਦੀ ਆਵਾਜਾਈ ਨੂੰ ਤੁਰੰਤ ਪਛਾਣਿਆ ਜਾ ਸਕੇ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਬੱਸ ਅੱਡਿਆਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਬੱਸ ਅੱਡਿਆਂ ਦੇ ਆਲੇ-ਦੁਆਲੇ ਲੰਬੇ ਸਮੇਂ ਤੋਂ ਲਾਵਾਰਿਸ ਜਾਂ ਸ਼ੱਕੀ ਹਾਲਤ ਵਿੱਚ ਖੜ੍ਹੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਤਸਦੀਕ ਕੀਤੀ ਗਈ ਅਤੇ ਉਨ੍ਹਾਂ ਦੇ ਪੁਲਿਸ ਰਿਕਾਰਡ ਨੂੰ ਚੈੱਕ ਕੀਤਾ ਗਿਆ। 15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ਤੇ ਵੀ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਟੀਮਾਂ ਵੱਲੋਂ ਜੀਆਰਪੀ ਪੁਲਿਸ ਨਾਲ ਤਾਲਮੇਲ ਕਰਕੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਯਾਤਰੀਆਂ ਦੇ ਸਮਾਨ ਅਤੇ ਬੈਗਾਂ ਦੀ ਲੋੜ ਅਨੁਸਾਰ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਕੀਤੀ ਗਈ। ਕਈ ਵਿਅਕਤੀਆਂ ਦੇ ਰਿਕਾਰਡ ਪੀਏਆਈਐਸ ਐਪ ਰਾਹੀਂ ਮੌਕੇ ਤੇ ਹੀ ਵੇਰੀਫਾਈ ਕੀਤੇ ਗਏ, ਤਾਂ ਜੋ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਲੋੜੀਂਦੇ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਨਾਈਟ ਡੋਮੀਨੇਸ਼ਨ ਦੌਰਾਨ ਪੀਸੀਆਰ ਮੋਟਰਸਾਈਕਲ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਲਗਾਤਾਰ ਗਸ਼ਤ ਕੀਤੀ ਗਈ। ਪੁਲਿਸ ਵੱਲੋਂ ਰਿਹਾਇਸ਼ੀ ਇਲਾਕਿਆਂ, ਗਲੀ-ਮੁਹੱਲਿਆਂ, ਬਾਜ਼ਾਰਾਂ, ਪਾਰਕਾਂ, ਰਿਜ਼ੋਰਟਾਂ, ਮੁੱਖ ਰੂਟਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਕਈ ਥਾਵਾਂ ਤੇ ਫਲੈਗ ਮਾਰਚ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਪੀਸੀਆਰ ਮੋਟਰਸਾਈਕਲ ਟੀਮਾਂ ਨਾਲ ਰਿਹਾਇਸ਼ੀ ਇਲਾਕਿਆਂ ਅਤੇ ਮੁਹੱਲਿਆਂ ’ਚ ਲਗਾਤਾਰ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਇਸਤੋਂ ਇਲਾਵਾ ਪਾਰਕਾਂ, ਰਿਜ਼ੋਰਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ’ਚ 300 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਨਾਕਾਬੰਦੀ ਟੀਮਾਂ, ਪੀਸੀਆਰ ਟੀਮਾਂ, ਗਸ਼ਤੀ ਪਾਰਟੀਆਂ, ਐਮਰਜੈਂਸੀ ਰਿਸਪਾਂਸ ਵਾਹਨ, ਥਾਣਾ ਪੁਲਿਸ ਅਤੇ ਹੋਰ ਵਿਸ਼ੇਸ਼ ਪੁਲਿਸ ਟੀਮਾਂ ਨੂੰ ਵੱਖ-ਵੱਖ ਸਥਾਨਾਂ ਤੇ ਤਾਇਨਾਤ ਕੀਤਾ ਗਿਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸਪੀ (ਡੀ.), ਸ੍ਰੀ ਮੁਕਤਸਰ ਸਾਹਿਬ, ਹਰਕਮਲ ਕੌਰ, ਐਸਪੀ (ਐਚ.), ਸ੍ਰੀ ਮੁਕਤਸਰ ਸਾਹਿਬ, ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ, ਡੀਐਸਪੀ ਲੰਬੀ, ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਐਸਐਸਪੀ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਿੱਥੇ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਦੀ ਗਤੀਵਿਧੀ ਨੂੰ ਨਾਕਾਮ ਕਰਨਾ ਹੈ, ਉੱਥੇ ਹੀ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ, ਸ਼ੱਕੀ ਵਾਹਨ ਜਾਂ ਕਿਸੇ ਕਿਸਮ ਦੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।