ਜਵਾਹਰੇਵਾਲਾ ਤੇ ਕਾਲਾ ਵਾਲਾ ਵਿਖੇ ‘ਕਾਸੋ’ ਤਹਿਤ ਵਿੱਢੀ ਤਲਾਸ਼ੀ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਜਵਾਹਰੇਵਾਲਾ ਤੇ ਕਾਲਾ ਵਾਲਾ ਵਿਖੇ ਕਾਸੋ ਸਰਚ ਅਭਿਆਨ
Publish Date: Mon, 29 Jun 2026 06:04 PM (IST)
Updated Date: Mon, 29 Jun 2026 06:07 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ, ਆਈਪੀਐਸ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਡੀਐਸਪੀ (ਡੀ) ਰਛਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਜਵਾਰੇ ਵਾਲਾ ਅਤੇ ਕਾਲਾ ਵਾਲਾ ’ਚ ਵੱਡੇ ਪੱਧਰ ਤੇ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇੰਸਪੈਕਟਰ ਹਰਪ੍ਰੀਤ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਰਹੀ। ਸਰਚ ਅਭਿਆਨ ਨੂੰ ਪੂਰੀ ਯੋਜਨਾਬੱਧ ਨਾਲ ਅੰਜਾਮ ਦਿੱਤਾ ਗਿਆ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਉਨ੍ਹਾਂ ਨੂੰ ਦੋਵਾਂ ਪਿੰਡਾਂ ਦੇ ਵੱਖ-ਵੱਖ ਹਿੱਸਿਆਂ ’ਚ ਤਾਇਨਾਤ ਕੀਤਾ ਗਿਆ, ਜਿੱਥੇ ਗਲੀਆਂ, ਮੁਹੱਲਿਆਂ, ਘਰਾਂ, ਸੱਥਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਪਿੰਡਾਂ ’ਚ ਦਾਖਲ ਹੋਣ ਅਤੇ ਬਾਹਰ ਨਿਕਲਣ ਵਾਲੇ ਸਾਰੇ ਮੁੱਖ ਅਤੇ ਲਿੰਕ ਰਸਤਿਆਂ ਤੇ ਨਾਕਾਬੰਦੀ ਕੀਤੀ ਗਈ। ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀ ਦੀ ਪੂਰੀ ਤਸੱਲੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਪੁਲਿਸ ਵੱਲੋਂ ਉਨ੍ਹਾਂ ਵਿਅਕਤੀਆਂ ਅਤੇ ਥਾਵਾਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਗਈ, ਜਿਨ੍ਹਾਂ ਬਾਰੇ ਲੋਕਾਂ ਵੱਲੋਂ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ ਜਾਂ ਜਿਨ੍ਹਾਂ ਦਾ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧ ਰਿਹਾ ਹੈ। ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਮੌਜੂਦਗੀ ’ਚ ਪੂਰੇ ਅਭਿਆਨ ਨੂੰ ਪਾਰਦਰਸ਼ੀ ਅਤੇ ਕਾਨੂੰਨੀ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ। ਸਰਚ ਦੌਰਾਨ ਪੀਏਆਈਐਸ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ, ਜਦਕਿ ਵਾਹਨ ਐਪ ਰਾਹੀਂ ਸ਼ੱਕੀ ਵਾਹਨਾਂ ਦੀ ਤਸਦੀਕ ਅਤੇ ਰਿਕਾਰਡ ਦੀ ਜਾਂਚ ਵੀ ਕੀਤੀ ਗਈ। ਜ਼ਿਲ੍ਹਾ ਪੁਲਿਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਚਨਚੇਤ ਕਾਸੋ ਆਪਰੇਸ਼ਨ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ’ਚ ਕਾਨੂੰਨ ਦਾ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਨਸ਼ਾ ਤਸਕਰ ਜਾਂ ਅਪਰਾਧੀ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਅੰਤ ’ਚ ਜ਼ਿਲ੍ਹਾ ਪੁਲਿਸ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਨਸ਼ਾ-ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਸੰਭਵ ਹੈ।