ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਤੜਕਸਾਰ ‘ਕਾਸੋ’ ਸਰਚ ਆਪ੍ਰੇਸ਼ਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਤੜਕਸਾਰ ਵਿਸ਼ੇਸ਼ ਕਾਸੋ ਸਰਚ ਅਭਿਆਨ
Publish Date: Sat, 14 Nov 2026 04:22 PM (IST)
Updated Date: Sat, 14 Nov 2026 04:24 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਮੁਕਤਸਰ ਸਾਹਿਬ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤੜਕਸਾਰ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਖੁਦ ਵੱਖ-ਵੱਖ ਪਿੰਡਾਂ ’ਚ ਪਹੁੰਚੇ ਅਤੇ ਪੁਲਿਸ ਕਾਰਵਾਈ ਦਾ ਜਾਇਜ਼ਾ ਲਿਆ। ਇਸਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਅਤੇ ਸੰਵੇਦਨਸ਼ੀਲ ਪਿੰਡਾਂ ’ਚ ਪੁਲਿਸ ਦੀਆਂ ਟੀਮਾਂ ਵੱਲੋਂ ਇੱਕੋ ਸਮੇਂ ਸਰਚ ਅਤੇ ਚੈਕਿੰਗ ਕੀਤੀ ਗਈ। ਇਸ ਵਿਸ਼ੇਸ਼ ਅਭਿਆਨ ਲਈ ਜ਼ਿਲ੍ਹੇ ’ਚ 600 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਟੀਮਾਂ ’ਚ ਤਾਇਨਾਤ ਕੀਤਾ ਗਿਆ। ਇਨ੍ਹਾਂ ’ਚ ਸਥਾਨਕ ਪੁਲਿਸ ਟੀਮਾਂ ਤੋਂ ਇਲਾਵਾ ਪੀਸੀਆਰ ਪਾਰਟੀਆਂ, ਮੋਟਰਸਾਈਕਲ ਰਾਈਡਰ ਅਤੇ ਪੈਟਰੋਲਿੰਗ ਪਾਰਟੀਆਂ ਵੀ ਸ਼ਾਮਲ ਰਹੀਆਂ। ਪੁਲਿਸ ਵੱਲੋਂ ਪਿੰਡਾਂ ਨੂੰ ਆਉਣ-ਜਾਣ ਵਾਲੇ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਘੇਰੇ ’ਚ ਲੈ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸਰਚ ਅਭਿਆਨ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲੇ ਦਰਜ ਹਨ ਜਾਂ ਜਿਹੜੇ ਵਾਰ-ਵਾਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਪਾਏ ਜਾ ਰਹੇ ਹਨ। ਇਸਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਅਤੇ ਆਮ ਲੋਕਾਂ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਵੀ ਸ਼ੱਕੀ ਵਿਅਕਤੀਆਂ ਅਤੇ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਰਿਕਾਰਡ ਦੀ ਪੀਏਆਈਐਸ ਐਪ ਰਾਹੀਂ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਵਾਹਾਨ ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ। ਪੀਸੀਆਰ ਅਤੇ ਮੋਟਰਸਾਈਕਲ ਰਾਈਡਰਾਂ ਵੱਲੋਂ ਇਲਾਕਿਆਂ ’ਚ ਲਗਾਤਾਰ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਇਆ ਗਿਆ। ਮੁਹਿੰਮ ਦੀ ਨਿਗਰਾਨੀ ਗੁਰਿੰਦਰਜੀਤ ਸਿੰਘ, ਐਸਪੀ (ਐਚ), ਮਹੇਸ਼ ਕੁਮਾਰ ਸੈਣੀ, ਐਸਪੀ ਆਪਰੇਸ਼ਨ, ਬਚਨ ਸਿੰਘ, ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ, ਡੀਐਸਪੀ ਮਲੋਟ, ਜਤਿੰਦਰ ਸਿੰਘ, ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ, ਡੀਐਸਪੀ ਲੰਬੀ ਅਤੇ ਜੋਰਾ ਸਿੰਘ, ਡੀਐਸਪੀ (ਐਚ) ਸਮੇਤ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਵੱਲੋਂ ਕੀਤੀ ਗਈ। ਸੇਫ ਪੰਜਾਬ ਪੋਰਟਲ ’ਤੇ ਨਸ਼ਿਆਂ ਸਬੰਧੀ ਜਾਣਕਾਰੀ ਕਰੋ ਸਾਂਝੀ : ਐੱਸਐੱਸਪੀ ਇਸ ਮੌਕੇ ਐੱਸਐੱਸਪੀ ਨੇ ਕਿਹਾ ਕਿ ਪੰਜਾਬ ਭਰ ’ਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਤੋਂ ਬਾਅਦ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਹੜੇ ਵਾਰ-ਵਾਰ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋ ਰਹੇ ਹਨ। ਅਜਿਹੇ ਵਿਅਕਤੀਆਂ ਖ਼ਿਲਾਫ਼ ਮਿਲ ਰਹੀ ਜਾਣਕਾਰੀ ਦੇ ਆਧਾਰ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੇਫ ਪੰਜਾਬ ਪੋਰਟਲ ’ਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਜਾਣਕਾਰੀ ਸਾਂਝੀ ਕਰਨ।