ਕਾਸੋ ਅਪ੍ਰੇਸ਼ਨ ਤਹਿਤ ਪੁਲਿਸ ਨੇ ਵੱਖ-ਵੱਖ ਇਲਾਕਿਆਂ ਦੀ ਕੀਤੀ ਚੈਕਿੰਗ ਕਾਸੋ ਅਪ੍ਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਸਰਚ ਅਭਿਆਨ
Publish Date: Sat, 28 Nov 2026 05:21 PM (IST)
Updated Date: Sat, 28 Nov 2026 05:23 PM (IST)
ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅਭਿਮੰਨਿਊ ਰਾਣਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਡੀਐੱਸਪੀ ਹਰੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ, ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ‘ਕਾਸੋ’ ਆਪਰੇਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ’ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਥਾਣਾ ਸਿਟੀ ਦੇ ਅਧੀਨ ਆਉਂਦੇ ਖੇਤਰਾਂ ਜਿਵੇਂ ਕਿ ਪੁਲ ਦੇ ਹੇਠਾਂ, ਮੋੜ ਰੋਡ ਅਤੇ ਹੋਰ ਸ਼ੱਕੀ ਟਿਕਾਣਿਆਂ ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸਰਚ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਇਲਾਕੇ ’ਚ ਘੁੰਮ ਰਹੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਕਾਰਵਾਈ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਅਤੇ ਮੁਕੰਮਲ ਤਸਦੀਕ ਲਈ ਥਾਣਾ ਸਿਟੀ ਵਿਖੇ ਲਿਆਂਦਾ ਗਿਆ। ਇੱਥੇ ਉਨ੍ਹਾਂ ਦੀ ਪਛਾਣ ਅਤੇ ਪਿਛੋਕੜ ਦੀ ਪੜਤਾਲ ਕਰਨ ਦੇ ਨਾਲ-ਨਾਲ ਆਧੁਨਿਕ ਤਕਨੀਕ ਪੀਏਆਈਐਸ ਐਪ ਰਾਹੀਂ ਉਨ੍ਹਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਖੰਗਾਲਿਆ ਗਿਆ, ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ’ਚ ਉਨ੍ਹਾਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਇਸਦੇ ਨਾਲ ਹੀ ਮੌਕੇ ’ਤੇ ਖੜ੍ਹੇ ਅਤੇ ਸ਼ੱਕੀ ਵਾਹਨਾਂ ਦੀ ਵਾਹਨ ਐਪ ਰਾਹੀਂ ਜਾਂਚ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਮਾਲਕੀ ਸਬੰਧੀ ਵੇਰਵਿਆਂ ਦੀ ਪੁਸ਼ਟੀ ਕੀਤੀ ਗਈ, ਤਾਂ ਜੋ ਚੋਰੀਸ਼ੁਦਾ ਵਾਹਨਾਂ ਜਾਂ ਅਪਰਾਧਾਂ ’ਚ ਵਰਤੇ ਜਾਣ ਵਾਲੇ ਵਾਹਨਾਂ ਨੂੰ ਕਾਬੂ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਰਚ ਅਭਿਆਨ ਭਵਿੱਖ ’ਚ ਵੀ ਜਾਰੀ ਰਹਿਣਗੇ ਅਤੇ ਸ਼ੱਕੀ ਇਲਾਕਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰੀ ਜਾਂ ਸ਼ਰਾਰਤੀ ਅਨਸਰਾਂ ਬਾਰੇ ਕੋਈ ਵੀ ਪੁਖ਼ਤਾ ਜਾਣਕਾਰੀ ਹੈ, ਤਾਂ ਉਹ ਤੁਰੰਤ ਪੁਲਿਸ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।