ਪੁਲਿਸ ਨੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਚੈਕਿੰਗ ਅਭਿਆਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ
Publish Date: Sat, 28 Nov 2026 04:32 PM (IST)
Updated Date: Sat, 28 Nov 2026 04:34 PM (IST)
ਪੰਜਾਬੀ ਜਾਗਰਣ, ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਗੈਂਗਸਟਰਾਂ ’ਤੇ ਵਾਰ ਤਹਿਤ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ’ਚ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਐੱਸਐੱਸਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਤਲਾਸ਼ੀ ਅਭਿਆਨ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਅਮਲ ’ਚ ਲਿਆਂਦਾ ਗਿਆ। ਇਸ ਮੁਹਿੰਮ ਦੀ ਅਗਵਾਈ ਡੀਐੱਸਪੀ ਸ੍ਰੀ ਮੁਕਤਸਰ ਸਾਹਿਬ, ਹਰੀਸ਼ ਕੁਮਾਰ ਡੀਐੱਸਪੀ ਮਲੋਟ, ਜਸਵਿੰਦਰ ਸਿੰਘ ਡੀਐੱਸਪੀ ਗਿੱਦੜਬਾਹਾ, ਜਤਿੰਦਰ ਸਿੰਘ ਅਤੇ ਡੀਐੱਸਪੀ ਲੰਬੀ ਹਰਬੰਸ ਸਿੰਘ ਨੇ ਕੀਤੀ। ਇਸ ਵੱਡੇ ਆਪ੍ਰੇਸ਼ਨ ’ਚ 150 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪੀਏਆਈਐਸ ਐਪ ਰਾਹੀਂ ਸ਼ੱਕੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ ਅਤੇ ਵਾਹਨ ਐਪ ਜ਼ਰੀਏ ਪਾਰਕਿੰਗ ’ਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸਤੋਂ ਇਲਾਵਾ ਐਂਟੀ-ਸਾਬੋਟਾਜ਼ ਟੀਮਾਂ ਨੇ ਵੇਟਿੰਗ ਹਾਲ, ਪਲੇਟਫਾਰਮਾਂ ਅਤੇ ਪਾਰਕਿੰਗ ਖੇਤਰਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਨੇ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪ੍ਰਤੀ ਜਾਗਰੂਕ ਵੀ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੁਸਤੈਦੀ ਨਾਲ ਅਪਰਾਧਿਕ ਤੱਤਾਂ ’ਚ ਖ਼ੌਫ਼ ਪੈਦਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸਰਚ ਆਪ੍ਰੇਸ਼ਨ ਭਵਿੱਖ ’ਚ ਵੀ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।