ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਮੂਹ ਰੇਲਵੇ ਸਟੇਸ਼ਨਾਂ ’ਤੇ ਚੈਕਿੰਗ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ
Publish Date: Fri, 24 Jul 2026 06:12 PM (IST)
Updated Date: Fri, 24 Jul 2026 06:14 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮਹਿਮ ਗੈਂਗਸਟਰਾਂ ਤੇ ਵਾਰ ਤਹਿਤ ਅਭਿਮੰਨਿਊ ਰਾਣਾ, ਆਈਪੀਐਸ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਅਭਿਆਨ ਅਭਿਮੰਨਿਊ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ’ਚ ਸਥਿਤ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਚਲਾਇਆ ਗਿਆ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਿਮਨਲਿਖਤ ਅਨੁਸਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਜਸਪਾਲ ਸਿੰਘ ਡੀਐਸਪੀ (ਮਲੋਟ), ਜਤਿੰਦਰ ਸਿੰਘ ਡੀਐਸਪੀ (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀਐਸਪੀ (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ’ਤੇ ਸਰਚ ਓਪਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਭਿਆਨ ’ਚ 150 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਰੇਲਵੇ ਸਟੇਸ਼ਨਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਪੀਏਆਈਐਸ ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। ਵਾਹਨ ਐਪ ਰਾਹੀਂ ਪਾਰਕਿੰਗ ’ਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਤਲਾਸ਼ੀ ਕੀਤੀ ਗਈ। ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਸਰਚ ਆਪਰੇਸ਼ਨ ਨਿਯਮਤ ਤੌਰ ’ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਵਰਗੀਆਂ ਭੀੜਭਾੜ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨਾਲ ਅਪਰਾਧਿਕ ਤੱਤਾਂ ’ਚ ਡਰ ਪੈਦਾ ਹੁੰਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਐਸਐਸਪੀ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦੇ ਨਾਲ-ਨਾਲ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਵੱਲੋਂ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਐਸਐਸਪੀ ਨੇ ਕਿਹਾ ਕਿ ਪੁਲਿਸ ਟੀਮਾਂ ਪੂਰੀ ਤਰ੍ਹਾਂ ਸਤਰਕ ਹਨ ਅਤੇ 24x7 ਡਿਊਟੀ ਨਿਭਾ ਰਹੀਆਂ ਹਨ। ਜ਼ਿਲ੍ਹਾ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਐਮਰਜੈਂਸੀ ਨੰਬਰ 112, ਜ਼ਿਲ੍ਹਾ ਪੁਲਿਸ ਕੰਟਰੋਲ ਰੂਮ 80549 42100 ’ਤੇ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।