ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਭਰ ’ਚ 20 ਨਾਕੇ ਲਾ ਕੇ ਚਲਾਈ ਤਲਾਸ਼ੀ ਮੁਹਿੰਮ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਭਰ ’ਚ 20 ਨਾਕੇ ਲਗਾ ਕੇ ਵਿਸ਼ੇਸ਼ ਸਰਚ ਅਭਿਆਨ
Publish Date: Thu, 12 Mar 2026 05:09 PM (IST)
Updated Date: Fri, 13 Mar 2026 04:04 AM (IST)

ਭੰਵਰਾ\ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਆਈਪੀਐੱਸ ਦੀਆਂ ਹਦਾਇਤਾਂ ਤਹਿਤ ਅਤੇ ਅਭਿਮਨਿਊ ਰਾਣਾ ਆਈਪੀਐੱਸ, ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ’ਚ ਵਿਸ਼ੇਸ਼ ਸਰਚ ਮੁਹਿੰਮ ਚਲਾ੍ਈ ਗਈ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ’ਚ ਕੁੱਲ 20 ਨਾਕੇ ਲਗਾਏ ਗਏ, ਜਿੱਥੇ ਹਰ ਨਾਕੇ ’‘ਤੇ ਲੱਗਭੱਗ 10 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਸ ਤਰ੍ਹਾਂ ਇਸ ਅਭਿਆਨ ਦੌਰਾਨ ਲੱਗਭੱਗ 200 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ’ਤੇ ਤਾਇਨਾਤ ਰਹੇ। ਇਸ ਵਿਸ਼ੇਸ਼ ਸਰਚ ਮੁਹਿੰਮ ਦੌਰਾਨ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ’ਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪੈਸ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਅਤੇ ਵਾਹਣ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀ ਦਾ ਨਾ ਹੋਵੇ ਅਤੇ ਉਹ ਕਿਸੇ ਅਪਰਾਧਕ ਗਤੀਵਿਧੀ ’ਚ ਵਰਤਿਆ ਨਾ ਗਿਆ ਹੋਵੇ। ਇਸ ਦੌਰਾਨ ਅਭਿਮਨਿਊ ਰਾਣਾ ਐੱਸੱਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੁਦ ਰਾਤ ਸਮੇਂ ਵੱਖ-ਵੱਖ ਨਾਕਿਆਂ ’ਤੇ ਜਾ ਕੇ ਚੈਕਿੰਗ ਦਾ ਨਿਰੀਖਣ ਕੀਤਾ ਗਿਆ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਥਾਣਾ ਸਿਟੀ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪ੍ਰਤੀ ਸਚੇਤ ਰਹਿਣ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਦੌਰਾਨ ਪੀਸੀਆਰ ਮੋਟਰਸਾਈਕਲਾਂ ਅਤੇ ਪੁਲਿਸ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਹ ਵੀ ਜਾਣਕਾਰੀ ਲਈ ਗਈ ਕਿ ਕਿਸੇ ਵੀ ਅਪਰਾਧ ਜਾਂ ਸ਼ਿਕਾਇਤ ਦੀ ਸੂਚਨਾ ਮਿਲਣ ‘ਤੇ ਉਨ੍ਹਾਂ ਦਾ ਰਿਸਪਾਂਸ ਟਾਈਮ ਕਿੰਨਾ ਹੈ। ਐੱਸਐੱਸਪੀ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਘਟਨਾ ਜਾਂ ਸ਼ਿਕਾਇਤ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮਾਂ ਵੱਲੋਂ ਜਲਦ ਤੋਂ ਜਲਦ ਮੌਕੇ ’ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨਮੀਤ ਸਿੰਘ ਢਿੱਲੋਂ ਐੱਸਪੀ (ਡੀ), ਬਚਨ ਸਿੰਘ ਡੀਐੱਸਪੀ ਸ੍ਰੀ ਮੁਕਤਸਰ ਸਾਹਿਬ, ਨਵੀਨ ਪਾਲ ਸਿੰਘ ਡੀਐਸਪੀ ਮਲੋਟ, ਰਾਜੇਸ਼ ਠਾਕੁਰ ਡੀਐੱਸਪੀ ਗਿੱਦੜਬਾਹਾ ਅਤੇ ਹਰਬੰਸ ਸਿੰਘ ਡੀਐੱਸਪੀ ਲੰਬੀ ਵੀ ਮੌਜੂਦ ਸਨ। ਐੱਸਐੱਸਪੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ’ਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਸ਼ੇਸ਼ ਸਰਚ ਮੁਹਿੰਮ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ’ਤੇ ਕੜੀ ਨਿਗਰਾਨੀ ਰੱਖਣ ਲਈ ਚਲਾਇਆ ਗਿਆ ਹੈ। ਨਵੀਂ ਤਕਨੀਕ ਦੀ ਮਦਦ ਨਾਲ ਪੁਲਿਸ ਵੱਲੋਂ ਅਪਰਾਧਕ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਨਸ਼ਾ ਤਸਕਰੀ ਜਾਂ ਕਿਸੇ ਵੀ ਕਿਸਮ ਦੀ ਅਪਰਾਧਕ ਗਤੀਵਿਧੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਲਾਕਿਆਂ ’ਚ ਹੋਣ ਵਾਲੀਆਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ਿਆਂ ਅਤੇ ਅਪਰਾਧਾਂ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ’ਚ ਪੁਲਿਸ ਦਾ ਸਹਿਯੋਗ ਕਰਨ। ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ ਜਾਂ ਕਿਸੇ ਅਪਰਾਧਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ 80549-42100 ਨੰਬਰ ‘ਤੇ ਫ਼ੋਨ ਜਾਂ ਵਟਸਐਪ ਰਾਹੀਂ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਉਣ ਵਾਲੇ ਸਮੇਂ ’ਚ ਵੀ ਇਸ ਤਰ੍ਹਾਂ ਦੇ ਵਿਸ਼ੇਸ਼ ਸਰਚ ਅਭਿਆਨ ਅਤੇ ਨਾਕਾਬੰਦੀਆਂ ਜਾਰੀ ਰੱਖੀਆਂ ਜਾਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।