- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 74 ਐਨਡੀਪੀਐਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ

ਪੰਜਾਬੀ ਜਾਗਰਣ ਟੀਮ, ਸ੍ਰੀ ਮੁਕਤਸਰ ਸਾਹਿਬ : “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁੱਖੀ ਅਭਿਮਨਿਉ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਲਗਾਤਾਰ ਸਰਚ ਆਪਰੇਸ਼ਨ ਅਤੇ ਰੇਡਾਂ ਕਰਕੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ’ਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ’ਤੇ ਸੀਨੀਅਰ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾਂਦੀ ਹੈ। ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ, ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕੀਤਾ ਜਾਂਦਾ ਹੈ। ਇਸੇ ਲੜੀ ’ਚ ਐਨਡੀਪੀਐਸ ਐਕਟ ਨਾਲ ਸਬੰਧਤ 74 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ’ਚ ਪਿੰਡ ਚੰਨੂ ਦੇ ਬੋਇਲਰ ’ਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ। ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਅਭਿਮਨਿਉ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ, ਜਿਸ ’ਚ ਅਸ਼ੋਕ ਮੀਨਾ ਐਸਪੀ (ਡੀ.) ਅਤੇ ਰਸ਼ਪਾਲ ਸਿੰਘ ਡੀਐਸਪੀ (ਡੀ.) ਸ਼ਾਮਲ ਸਨ। ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਅੰਜਾਮ ਦਿੱਤਾ ਗਿਆ। ਇਸ ਮੌਕੇ ਐਸਐਸਪੀ ਨੇ ਦੱਸਿਆ ਕਿ ਅੱਜ ਕੁੱਲ 74 ਐਨਡੀਪੀਐਸ ਕੇਸਾਂ ਨਾਲ ਸਬੰਧਤ ਮਾਲ ਨੂੰ ਨਸ਼ਟ ਕੀਤਾ ਗਿਆ ਹੈ, ਜਿਸ ’ਚ 1141.071 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 0.867 ਕਿਲੋਗ੍ਰਾਮ ਹੈਰੋਇਨ, 2.369 ਕਿਲੋਗ੍ਰਾਮ ਸਮੈਕ, 0.850 ਕਿਲੋਗ੍ਰਾਮ ਗਾਂਜਾ, 2.580 ਕਿਲੋਗ੍ਰਾਮ ਨਸ਼ੀਲਾ ਪਾਊਡਰ, 46,970 ਨਸ਼ੀਲੀਆਂ ਗੋਲੀਆਂ, 662 ਨਸ਼ੀਲੇ ਕੈਪਸੂਲ, 426 ਨਸ਼ੀਲੀਆਂ ਸ਼ੀਸ਼ੀਆਂ ਅਤੇ 306 ਨਸ਼ੀਲੇ ਟੀਕੇ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ’ਚ ਵੀ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।