ਪਿੰਡਾਂ ’ਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾ ਰਿਹਾ ਜਾਇਜ਼ਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ
Publish Date: Wed, 11 Nov 2026 05:30 PM (IST)
Updated Date: Wed, 11 Nov 2026 05:33 PM (IST)
ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਡੀਐੱਸਪੀਜ਼ ਵੱਲੋਂ ਆਪਣੇ-ਆਪਣੇ ਸਬ-ਡਿਵੀਜ਼ਨ ਦੇ ਖੇਤਰਾਂ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ’ਚ ਨਸ਼ਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗਾਂ ਦੌਰਾਨ ਕਮੇਟੀ ਮੈਂਬਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਜਾਣਕਾਰੀ ਹਾਸਲ ਕੀਤੀ ਕਿ ਕਿਹੜੇ ਪਿੰਡਾਂ ’ਚ ਨਸ਼ੇ ਦੀ ਸਮੱਸਿਆ ਮੌਜੂਦ ਹੈ ਅਤੇ ਕਿਹੜੇ ਪਿੰਡ ਨਸ਼ਾ ਮੁਕਤ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਤ ਸ਼ੱਕੀ ਵਿਅਕਤੀਆਂ, ਗਤੀਵਿਧੀਆਂ ਅਤੇ ਨਸ਼ੇ ਦੇ ਸੰਭਾਵਿਤ ਹੌਟਸਪੌਟਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗਾਂ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਵੀਡੀਸੀ ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ-ਆਪਣੇ ਪਿੰਡਾਂ ’ਚ ਨਸ਼ਿਆਂ ਖ਼ਿਲਾਫ਼ ਸਰਗਰਮ ਭੂਮਿਕਾ ਨਿਭਾਉਣ ਅਤੇ ਪਿੰਡ ਪੱਧਰ ’ਤੇ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਕਿ ਪਿੰਡਾਂ ’ਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ’ਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸਤੋਂ ਇਲਾਵਾ, ਪੁਲਿਸ ਵੱਲੋਂ ਪਿੰਡਾਂ ’ਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅਜਿਹੇ ਵਿਅਕਤੀਆਂ ਦੀ ਪਛਾਣ ਹੋਣ ਉਪਰੰਤ ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਿਵਾਰਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ’ਚ ਲਿਜਾ ਕੇ ਲੋੜ ਅਨੁਸਾਰ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਕਰਵਾਉਣ ’ਚ ਵੀ ਪੁਲਿਸ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਵੀਡੀਸੀ ਮੈਂਬਰਾਂ ਤੋਂ ਪਿੰਡਾਂ ’ਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਫੀਡਬੈਕ ਵੀ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ। ਜਿਨ੍ਹਾਂ ਖੇਤਰਾਂ ’ਚ ਨਸ਼ਿਆਂ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉੱਥੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਕਾਰਵਾਈ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਹੈਲਪਲਾਈਨ ਨੰਬਰ 8054942100 ਜਾਂ ਐਮਰਜੈਂਸੀ ਨੰਬਰ 112 ’ਤੇ ਸਾਂਝੀ ਕੀਤੀ ਜਾਵੇ।