ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ‘ਨਾਈਟ ਡੋਮੀਨੇਸ਼ਨ’ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ‘ਨਾਈਟ ਡੋਮੀਨੇਸ਼ਨ’ ਮੁਹਿੰਮ
Publish Date: Thu, 19 Nov 2026 04:07 PM (IST)
Updated Date: Fri, 20 Nov 2026 04:01 AM (IST)
-44 ਨਾਕੇ ਲਗਾ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਭੰਵਰਾ\ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਭਰ ’ਚ ਵਿਸ਼ੇਸ਼ ‘ਨਾਈਟ ਡੋਮੀਨੇਸ਼ਨ’ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਐਸਐਸਪੀ ਨੇ ਖੁਦ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪੁਲਿਸ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ’ਚ ਕੁੱਲ 44 ਪੁਲਿਸ ਨਾਕੇ ਲਗਾਏ ਗਏ। ਇਸ ਕਾਰਵਾਈ ’ਚ 1 ਐਸਪੀ, 6 ਡੀਐਸਪੀ ਅਤੇ 460 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਪੁਲਿਸ ਟੀਮਾਂ ਵੱਲੋਂ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਗਈ। ਪੁਲਿਸ ਅਤੇ ਪੀਸੀਆਰ ਮੋਟਰਸਾਈਕਲ ਟੀਮਾਂ ਨੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਪਾਰਕਾਂ, ਰਿਜ਼ੋਰਟਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਲਗਾਤਾਰ ਗਸ਼ਤ ਤੇ ਫਲੈਗ ਮਾਰਚ ਕੀਤਾ। ਰੇਲਵੇ ਸਟੇਸ਼ਨਾਂ ’ਤੇ ਜੀਆਰਪੀ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਦੌਰਾਨ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪੀਏਆਈਐਸ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਪਿਛਲੇ ਰਿਕਾਰਡ ਅਤੇ ਵਾਹਨ ਐਪ ਰਾਹੀਂ ਲਾਵਾਰਿਸ ਖੜ੍ਹੇ ਵਾਹਨਾਂ ਦੀ ਮੌਕੇ ’ਤੇ ਹੀ ਤਸਦੀਕ ਕੀਤੀ ਗਈ। ਨਾਕਿਆਂ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦਿਆਂ ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਾਈਲੈਂਸਰ ਅਤੇ ਡਿਮ ਲਾਈਟਾਂ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣ ਲਈ ਅਜਿਹੀਆਂ ਮੁਹਿੰਮਾਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਡਿਊਟੀ ਵਿੱਚ ਅਣਗਹਿਲੀ ਨਾ ਵਰਤਣ ਦੀ ਤਾੜਨਾ ਕਰਦਿਆਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।